ਪਟਿਆਲਾ, (ਪੈ੍ਰਸ ਕੀ ਤਾਕਤ ਬਿਊਰੋ) : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਵਿਸ਼ਵ ਦਾਲ ਦਿਵਸ ਮੌਕੇ ਪਿੰਡ ਹਸਨਪੁਰ ਪਰੋਹਤਾਂ ਵਿਖੇ ਕੈਂਪ ਲਗਾਕੇ ਕਿਸਾਨਾਂ ਨੂੰ ਦਾਲਾ ਸਬੰਧੀ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਪਹੁੰਚੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆ ਕਿਹਾ ਕਿ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲਕੇ ਦਾਲਾ, ਮੱਕੀ ਅਤੇ ਕਪਾਹ ਵੱਲ ਉਤਸਾਹਤ ਹੋਣਾ ਚਾਹੀਦਾ ਹੈ ਤਾਂ ਕਿ ਜਮੀਨ ਹੇਠਲੇ ਗਿਰਦੇ ਪਾਣੀ ਦੇ ਪੱਧਰ ਨੂੰ ਰੋਕਿਆ ਜਾ ਸਕੇਗਾ ਅਤੇ ਜਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰੱਖੀ ਜਾ ਸਕੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਿਸਾਨਾਂ ਨੂੰ ਦਾਲਾ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਦਾਲਾ ਦਾ ਬੀਜ ਵੀ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਸਬੰਧੀ ਕੈਂਪ ਲਗਾਕੇ ਤਕਨੀਕੀ ਜਾਣਕਾਰੀ ਵੀ ਸਮੇਂ-ਸਮੇਂ ‘ਤੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਸ੍ਰੀਮਤੀ ਪਰਮਜੀਤ ਕੌਰ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਭਾਗ ਵੱਲੋਂ ਮੱਕੀ ਅਤੇ ਕਪਾਹ ਦੇ ਬੀਜ ਅਤੇ ਦਵਾਈਆਂ ਵੀ ਸਬਸਿਡੀ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਸਬੰਧੀ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਸ. ਰਵਿੰਦਰਪਾਲ ਸਿੰਘ ਚੱਠਾ ਨੇ ਕਿਸਾਨਾਂ ਨੂੰ ਝੋਨੇ ਹੇਠ ਰਕਬਾ ਘਟਾਉਣ ਲਈ ਪ੍ਰੇਰਿਤ ਕੀਤਾ ਅਤੇ ਹਰੇ ਚਾਰੇ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਸਾਨਾਂ ਨੂੰ ਆਪਣੇ ਖੇਤਾਂ ਦੀ ਮਿੱਟੀ ਦੀ ਜਾਂਚ ਕਰਵਾਉਣ ਲਈ ਕਿਹਾ ਅਤੇ ਮਿੱਟੀ ਵਿਚਲੇ ਤੱਤਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਕਰਨ ਬਾਰੇ ਜਾਣਕਾਰੀ ਦਿੰਦਿਆ ਉਨ੍ਹਾਂ ਕਿਹਾ ਕਿ ਜਿਸ ਤੱਤ ਦੀ ਮਿੱਟੀ ਵਿਚ ਕਮੀ ਹੈ ਜੇਕਰ ਅਸੀ ਉਸ ਖਾਦ ਦੀ ਹੀ ਵਰਤੋਂ ਕਰਦੇ ਹਾਂ ਤਾਂ ਸਾਡਾ ਪੈਸੇ ਅਤੇ ਸਮੇਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਦਾਲਾ ਦੀ ਖੇਤੀ ਕਰਨ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੁੰਦਾ ਹੈ।
ਇਸ ਮੌਕੇ ਖੇਤੀਬਾੜੀ ਵਿਭਾਗ ਦੇ ਨੁਮਾਇੰਦਿਆ ਤੋਂ ਇਲਾਵਾ ਕਿਸਾਨ ਸੁਖਦੇਵ ਸਿੰਘ, ਜਗਦੀਪ ਸਿੰਘ, ਭੋਲਾ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮੌਜੁਦ ਸਨ।