ਪਟਿਆਲਾ, 16 ਮਾਰਚ:(ਪੀਤਾਂਬਰ ਸ਼ਰਮਾ)
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਵਿੱਚ ਮਾਸਕ, ਸੈਨੇਟਾਈਜ਼ਰ, ਜ਼ਰੂਰੀ ਦਵਾਈਆਂ ਅਤੇ ਹੋਰ ਸਮਾਨ ਨੂੰ ਭਾਰੀ ਮਾਤਰਾਂ ਵਿੱਚ ਸਟੋਰ ਕਰਕੇ ਇਨ੍ਹਾਂ ਚੀਜ਼ਾ ਨੂੰ ਵੱਧ ਰੇਟ ‘ਤੇ ਵੇਚਣ ਦੀਆਂ ਮਿਲੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਦਿਆਂ ਇਸ ਨੂੰ ਠੱਲ ਪਾਉਣ ਲਈ ਸਮੂਹ ਸਬ-ਡਵੀਜ਼ਨਾ ਵਿੱਚ ਵਿਸ਼ੇਸ਼ ਚੈਕਿੰਗ ਟੀਮਾਂ ਦਾ ਗਠਨ ਕੀਤਾ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇੰਨਾਂ ਹੁਕਮਾਂ ਤਹਿਤ ਸਬੰਧਤ ਸਬ-ਡਵੀਜ਼ਲ ਦਾ ਉਪ ਮੰਡਲ ਮੈਜਿਸਟਰੇਟ ਇੰਨਾਂ ਟੀਮਾਂ ਦਾ ਨੋਡਲ ਅਫ਼ਸਰ ਹੋਵੇਗਾ ਅਤੇ ਇਸ ਟੀਮ ਵਿੱਚ ਸਬੰਧਤ ਸਬ-ਡਵੀਜ਼ਨ ਦਾ ਉਪ ਪੁਲਿਸ ਕਪਤਾਨ, ਖੁਰਾਕ ਤੇ ਸਿਵਲ ਸਪਲਾਈ ਅਫ਼ਸਰ, ਡਰੱਗ ਇੰਸਪੈਕਟਰ ਅਤੇ ਇੰਸਪੈਕਟਰ ਨਾਪਤੋਲ ਨੂੰ ਸ਼ਾਮਲ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ ਇਹ ਵਿਸ਼ੇਸ਼ ਚੈਕਿੰਗ ਟੀਮਾਂ ਮਾਸਕ, ਸੈਨੇਟਾਈਜ਼ਰ, ਜ਼ਰੂਰੀ ਦਵਾਈਆਂ ਅਤੇ ਹੋਰ ਸਮਾਨ ਨੂੰ ਸਰਕਾਰ ਵੱਲੋਂ ਨਿਰਧਾਰਤ ਰੇਟਾਂ ਤੋਂ ਵੱਧ ਰੇਟਾਂ ‘ਤੇ ਵੇਚਣ ਵਾਲੇ ਸਪਲਾਈਅਰਾਂ ਅਤੇ ਦੁਕਾਨਦਾਰਾਂ ਦੀ ਚੈਕਿੰਗ ਕਰਕੇ ਦੋਸ਼ੀ ਪਾਏ ਗਏ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਨੂੰ ਵੀ ਜਮਾਂਖੋਰੀ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਵਿੱਚ ਦੋਸ਼ੀ ਪਾਏ ਗਏ ਵਿਅਕਤੀਆਂ ਦੇ ਲਾਇਸੈਸ ਰੱਦ ਕਰਕੇ ਉਨ੍ਹਾਂ ਖਿਲਾਫ਼ ਪੁਲਿਸ ਕੇਸ ਦਰਜ਼ ਕੀਤੇ ਜਾਣਗੇ।