ਚੰਡੀਗੜ੍ਹ/ਜਲੰਧਰ, 11 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਸ਼ਾਮ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਬੈਠਕ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਮੰਥਨ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਮੰਤਰੀ ਮੰਡਲ ਫੇਰਬਦਲ ’ਤੇ ਵੀ ਚਰਚਾ ਕੀਤੀ। ਇਹ ਬੈਠਕ ਕਰੀਬ ਇਕ ਘੰਟੇ ਤੱਕ ਚੱਲੀ। ਇਸ ਬੈਠਕ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹੇ।
ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੰਤਰੀ ਮੰਡਲ ’ਚ ਫੇਰਬਦਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਚੰਡੀਗੜ੍ਹ ਪਰਤਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਤਾਰੀਖ਼ ਦਾ ਐਲਾਨ ਕਰ ਸਕਦੇ ਹਨ। 15 ਅਗਸਤ ਤੋਂ ਬਾਅਦ ਮੰਤਰੀ ਮੰਡਲ ਵਿਚ ਬਦਲਾਅ ਕੀਤਾ ਜਾ ਸਕਦਾ ਹੈ।ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਦਲਿਤ ਵਰਗ ਨੂੰ ਤਰਜਮਾਨੀ ਦੇਣ ’ਤੇ ਚਰਚਾ ਕੀਤੀ ਹੈ। ਇਸ ’ਤੇ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ।
ਕੈਪਟਨ ਨੇ ਵੱਖ-ਵੱਖ ਮੰਤਰੀਆਂ ਦੀ ਰਿਪੋਰਟ ਵੀ ਸੋਨੀਆ ਗਾਂਧੀ ਨੂੰ ਸੌਂਪੀ ਹੈ। ਇਸ ਵਿਚ ਸਰਕਾਰ ਬਣਨ ਤੋਂ ਹੁਣ ਤੱਕ ਦੇ ਕਾਰਜਕਾਲ ਦੌਰਾਨ ਮੰਤਰੀ ਦੀ ਕਾਰਗੁਜਾਰੀ ਦਾ ਪੂਰਾ ਬਿਓਰਾ ਦਿੱਤਾ ਗਿਆ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਨਰਾਜ਼ਗੀ ਦੇ ਬਾਵਜੂਦ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਸੋਨੀਆ ਗਾਂਧੀ ਨਾਲ ਕੈਪਟਨ ਦੀ ਇਹ ਪਹਿਲੀ ਮੁਲਾਕਾਤ ਹੈ।
ਮੁੱਖ ਮੰਤਰੀ ਨੇ ਸਿੱਧੂ ਦੇ ਨਾਲ ਇਕ ਮੰਚ ’ਤੇ ਆ ਕੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਉੱਤਰਨ ਦੀ ਗੱਲ ਕਹੀ। ਮੁੱਖ ਮੰਤਰੀ ਨੇ ਸਿੱਧੂ ਦੇ ਨਾਲ ਮਨ ਮੁਟਾਅ ਨੂੰ ਲੈ ਕੇ ਕੋਈ ਗੱਲ ਨਹੀਂ ਕੀਤੀ ਹੈ।
ਸਵੇਰੇ ਦਿੱਲੀ ਵਿਚ ਕਪੂਰਥਲਾ ਹਾਊਸ ਪੁੱਜਣ ਤੋਂ ਬਾਅਦ ਮੁੱਖ ਮੰਤਰੀ ਨੇ ਆਪਣੇ ਸਾਬਕਾ ਪ੍ਰਧਾਨ ਸਲਾਹਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਮੁਲਾਕਾਤ ਕੀਤੀ। ਪ੍ਰਸ਼ਾਂਤ ਕਿਸ਼ੋਰ ਕਪੂਰਥਲਾ ਹਾਊਸ ਪੁੱਜੇ ਅਤੇ ਕਾਫ਼ੀ ਦੇਰ ਤੱਕ ਗੱਲਬਾਤ ਦਾ ਦੌਰ ਚੱਲਿਆ। ਹਾਲਾਂਕਿ ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਨਾਲ ਹੋਈ ਗੱਲਬਾਤ ਦਾ ਜਨਤਕ ਤੌਰ ’ਤੇ ਕੋਈ ਜ਼ਿਕਰ ਨਹੀਂ ਕੀਤਾ ਪਰ ਦਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ 2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਨੂੰ ਲੈ ਕੇ ਕਿਸ਼ੋਰ ਨਾਲ ਸਲਾਹ-ਮਸ਼ਵਰਾ ਕੀਤਾ। ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਬੇਸ਼ੱਕ ਉਹ ਪ੍ਰਧਾਨ ਸਲਾਹਕਾਰ ਦੀ ਭੂਮਿਕਾ ਵਿਚ ਨਹੀਂ ਹਨ ਪਰ ਉਹ ਲਗਾਤਾਰ ਮੁੱਖ ਮੰਤਰੀ ਦੇ ਸੰਪਰਕ ਵਿਚ ਰਹਿਣਗੇ ਅਤੇ ਜੋ ਵੀ ਸਹਿਯੋਗ ਸੰਭਵ ਹੋਵੇਗਾ, ਉਹ ਦਿੰਦੇ ਰਹਿਣਗੇ।