* ਹੁਣ ਲੱਛਣ ਪਾਏ ਜਾਣ ਵਾਲੇ ਵਿਅਕਤੀ ਸਿਹਤ ਸਹੂਲਤਾਂ ਲਈ ਪੰਜਾਬ ਆ ਰਹੇ ਹਨ
* ਘਰੇਲੂ ਇਕਾਂਤਵਾਸ ਅਧੀਨ ਯਾਤਰੀਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾਵੇ : ਸਿਹਤ ਮੰਤਰੀ ਦੀ ਸਿਵਲ ਸਰਜਨਾਂ ਨੂੰ ਹਦਾਇਤ
ਚੰਡੀਗੜ੍ਹ, 13 ਜੂਨ ((ਸ਼ਿਵ ਨਾਰਾਇਣ ਜਾਂਗੜਾ) : ਦਿੱਲੀ ਵਿਚ ਕੋਈ ਇਲਾਜ ਨਾ ਮਿਲਣ ਕਰਕੇ ਕਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀ ਆਪਣੀ ਟੈਸਟਿੰਗ ਵਾਸਤੇ ਪੰਜਾਬ ਆ ਰਹੇ ਹਨ। ਅੱਜ ਇੱਥੇ ਜਾਰੀ ਇੱਕ ਪੈ੍ਰਸ ਬਿਆਨ ਵਿੱਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਆਲਮੀ ਦਰਜੇ ਦੀਆਂ ਸਿਹਤ ਸਹੂਲਤਾਂ ਦਾ ਦਾਅਵਾ ਕਰਨ ਵਾਲੀ ਦਿੱਲੀ ਸਰਕਾਰ ਆਪਣੇ ਸਰਕਾਰੀ ਹਸਪਤਾਲਾਂ ਵਿੱਚ ਕਰੋਨਾ ਵਾਇਰਸ ਦੇ ਲੱਛਣ ਵਾਲੇ ਵਿਅਕਤੀਆਂ ਦੇ ਟੈਸਟ ਕਰਵਾਉਣ ਵਿੱਚ ਵੀ ਅਸਫਲ ਰਹੀ ਹੈ। ਪਿਛਲੇ ਇਕ ਮਹੀਨੇ ਦੌਰਾਨ ਦਿੱਲੀ ਤੋਂ ਆਏ ਤਕਰੀਬਨ 97 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇਲਾਜ਼ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਸ. ਸਿੱਧੂ ਨੇ ਕਿਹਾ ਕਿ ਕਿਸੇ ਵੀ ਅਣਕਿਆਸੇ ਹਾਲਾਤਾਂ ਤੋਂ ਬਚਣ ਲਈ ਉਨ੍ਹਾਂ ਨੇ ਸਿਵਲ ਸਰਜਨਾਂ ਨੂੰ ਪਹਿਲਾਂ ਹੀ ਸੂਬੇ ਦੀਆਂ ਸਰਹੱਦਾਂ ‘ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦਿੱਲੀ ਤੋਂ ਆਉਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਕਿ ਵੱਡੀ ਗਿਣਤੀ ਵਿੱਚ ਲੱਛਣ ਪਾਏ ਜਾਣ ਵਾਲੇ ਵਿਅਕਤੀ ਮੁਫਤ ਇਲਾਜ ਸਹੂਲਤਾਂ ਲਈ ਦਿੱਲੀ ਤੋਂ ਪੰਜਾਬ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਕੌਮੀ ਰਾਜਧਾਨੀ ਵਿੱਚ ਵੱਡੇ ਪੱਧਰ ‘ਤੇ ਲਾਗ ਫੈਲਣ ਕਰਕੇ ਲੋਕਾਂ ਨੂੰ ਕੋਰੋਨਾ ਦੀ ਟੈਸਟਿੰਗ ਅਤੇ ਸਰਕਾਰੀ ਹਸਪਤਾਲਾਂ ਵਿੱਚ ਬਿਸਤਰਿਆਂ ਸਬੰਧੀ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀ ਮੌਜੂਦਾ ਗੰਭੀਰ ਸਥਿਤੀ ਦੀ ਕਲਪਨਾ ਕਰਨਾ ਵੀ ਹੈਰਾਨ ਕਰਨ ਵਾਲਾ ਹੈ ਜਿਥੇ ਆਮ ਲੋਕ ਮਦਦ ਦੀ ਗੁਹਾਰ ਲਾ ਰਹੇ ਹਨ ਅਤੇ ਕੋਰੋਨਾ ਟੈਸਟ ਲਈ ਸਿਰਫ਼ ਨਮੂਨੇ ਲੈਣ ਲਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ ਜਾ ਰਹੇ ਹਨ ਪਰ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨ ਲਈ ਸਰਕਾਰ ਤਰਫੋਂ ਕੋਈ ਨਹੀਂ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਦੀਆਂ ਸੈਂਕੜੇ ਵੀਡਿਓਜ਼ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਈਆਂ ਹਨ ਜਿਹੜੀਆਂ ਸਪੱਸ਼ਟ ਤੌਰ ਤੇ ਕੋਵਿਡ -19 ਦੇ ਮਰੀਜ਼ਾਂ ਦੇ ਪ੍ਰਬੰਧਨ ਲਈ ਦਿੱਲੀ ਸਰਕਾਰ ਦੇ ਮਾੜੇ ਪ੍ਰਬੰਧਾਂ ਦੀ ਗਵਾਹੀ ਭਰਦੀਆਂ ਹਨ।
ਪੰਜਾਬ ਦੇ ਮੌਜੂਦਾ ਹਾਲਾਤਾਂ `ਤੇ ਚਾਨਣਾ ਪਾਉਂਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ ਲਗਭਗ 80 ਫੀਸਦੀ ਕਰੋਨਾ ਦੇ ਮਰੀਜ਼ਾਂ ਵਿੱਚ ਲੱਛਣ ਨਹੀਂ ਪਾਏ ਗਏ ਅਤੇ ਅਤੇ ਪੰਜਾਬ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 90 ਫੀਸਦੀ ਤੋਂ ਵੀ ਵੱਧ ਹੈ ਜਦਕਿ ਕਰੋਨਾ ਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਪ੍ਰਭਾਵ `ਚ ਆਏ 99.9 ਫੀਸਦੀ ਵਿਅਕਤੀਆਂ ਨੂੰ ਸਫ਼ਲਤਾਪੂਰਵਕ ਲੱਭਿਆ ਗਿਆ ਹੈ।
ਸ. ਸਿੱਧੂ ਨੇ ਕਿਹਾ ਕਿ ਇਹ ਵਾਇਰਸ ਬਹੁਤ ਜਿ਼ਆਦਾ ਛੂਤ ਵਾਲਾ ਹੈ ਅਤੇ ਬਹੁਤ ਤੇਜ਼ੀ ਨਾਲ ਫੈਲਦਾ ਹੈ ਇਸੇ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਰੁੰਤ ਬੱਸ ਸੇਵਾ ਬੰਦ ਕਰ ਦਿੱਤੀ ਅਤੇ 23 ਮਾਰਚ ਤੋਂ ਕਰਫਿਊ ਲਗਾਉਣ ਦਾ ਐਲਾਨ ਕੀਤਾ, ਜੋ ਕਿ ਦੇਸ਼ ਵਿਚ ਆਪਣੀ ਕਿਸਮ ਦਾ ਅਜਿਹਾ ਪਹਿਲਾ ਲਾਕਡਾਊਨ ਵੀ ਸੀ।
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਰਚ ਦੇ ਪਹਿਲੇ ਪੰਦਰਵਾੜੇ ਦੌਰਾਨ ਹੀ ਕੋਵਿਡ -19 ਸਬੰਧੀ ਤਿਆਰੀਆਂ ਅਤੇ ਜਾਗਰੂਕਤਾ ਫੈਲਾਉਣ ਦੇ ਆਦੇਸ਼ ਦਿੱਤੇ , ਜਿਸ ਨਾਲ ਪੰਜਾਬ, ਕੋਵਿਡ -19 ਦੇ ਫੈਲਾਅ ਨੂੰ ਰੋਕਣ ਲਈ ਸਿਹਤ ਸੇਵਾਵਾਂ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੋ ਗਿਆ। ਡਿਪਟੀ ਕਮਿਸ਼ਨਰਾਂ ਨੂੰ ਇਸ ਬਿਮਾਰੀ ਨਾਲ ਨਜਿੱਠਣ ਲਈ ਨਿਰਦੇਸ਼ ਦਿੱਤੇ ਗਏ ਅਤੇ ਸੰਕਟ ਨਾਲ ਨਜਿੱਠਣ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਗਏ।
ਹੁਣ, ਦਿੱਲੀ ਵਰਗੀ ਕਿਸੇ ਵੀ ਸਥਿਤੀ ਨਾਲ ਸਿੱਝਣ ਅਤੇ ਕਾਬੂ ਪਾਉਣ ਲਈ, ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ `ਤੇ ਸਿਹਤ ਵਿਭਾਗ ਨੇ ਘਰ-ਘਰ ਜਾ ਕੇ ਸਕ੍ਰੀਨਿੰਗ ਸ਼ੁਰੂ ਕੀਤੀ ਹੈ, ਜਿਸ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਅਜਿਹੇ ਹਰ ਵਿਅਕਤੀ ਦੇ ਅੰਕੜਿਆਂ ਨੂੰ ਇਕੱਤਰ ਕਰਨ ਲਈ ਰਾਜ ਦੇ ਹਰ ਘਰ ਦਾ ਦੌਰਾ ਕਰ ਰਹੀਆਂ ਹਨ ਜਿਨ੍ਹਾਂ ਵਿਚ ਵਾਇਰਸ ਦੇ ਲੱਛਣ ਮੌਜੂਦ ਹਨ।
ਘਰੇਲੂ ਕੁਆਰੰਟੀਨ ਸੰਬੰਧੀ ਦਿਸ਼ਾ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ, ਸਾਰੇ ਸਿਵਲ ਸਰਜਨਾਂ ਨੂੰ ਪਹਿਲਾਂ ਹੀ ਪ੍ਰਭਾਵਤ ਰਾਜਾਂ ਅਤੇ ਦੇਸ਼ਾਂ ਤੋਂ ਆਉਣ ਵਾਲੇ ਘਰੇਲੂ ਇਕਾਂਤਵਾਸ ਅਧੀਨ ਯਾਤਰੀਆਂ ਦੀ ਪੂਰੀ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਲੋਕਾਂ ਵਿਚ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਚਲਾਨ ਕੀਤੇ ਜਾ ਰਹੇ ਹਨ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।