ਬਰਨਾਲਾ, 25 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਕੋਰੋਨਾ ਮਹਾਮਾਰੀ ਦੌਰਾਨ ਗਰੀਬ ਲੋਕਾਂ ਤੱਕ ਪੰਜਾਬ ਸਰਕਾਰ ਵੱਲੋਂ ਮੁਫ਼ਤ ਰਾਸ਼ਨ ਮੁਹੱਈਆ ਕਰਵਾਉਣ ਦੀ ਮੁਹਿੰਮ ਜਿੱਥੇ ਲੋੜਵੰਦਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ, ਉਥੇ ਲੋਕਾਂ ਵੱਲੋਂ ਵੀ ਕੋਵਿਡ 19 ਤਹਿਤ ਜਾਰੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।
ਜ਼ਿਲ੍ਹਾ ਖ਼ੁਰਾਕ ਸਪਲਾਈ ਵਿਭਾਗ ਬਰਨਾਲਾ ਵੱਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਅਗਵਾਈ ਹੇਠ ‘ਗ਼ਰੀਬ ਕਲਿਆਣ ਅੰਨ ਯੋਜਨਾ’ ਤਹਿਤ ਗ਼ਰੀਬ ਲੋਕਾਂ ਨੂੰ 15 ਕਿਲੋ ਪ੍ਰਤੀ ਮੈਂਬਰ ਕਣਕ ਅਤੇ ਪ੍ਰਤੀ ਪਰਿਵਾਰ ਤਿੰਨ ਕਿੱਲੋ ਦਾਲ ਤਿੰਨ ਮਹੀਨਿਆਂ ਲਈ ਮੁਫ਼ਤ ਵੰਡੀ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਕੁੱਲ 64 ਹਜ਼ਾਰ 533 ਕਾਰਡ ਧਾਰਕ ਹਨ, ਜਿਨ੍ਹਾਂ ਵਿਚੋਂ 43 ਹਜ਼ਾਰ 900 ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦਿੱਤਾ ਜਾ ਚੁੱਕਿਆ ਹੈ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਉਣ ਦਾ ਸਿਲਸਿਲਾ ਜਾਰੀ ਹੈ।
ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ 28,500 ਰਾਸ਼ਨ ਕਿੱਟਾਂ (10 ਕਿੱਲੋ ਆਟਾ, 2 ਕਿੱਲੋ ਚੀਨੀ ਅਤੇ 2 ਕਿੱਲੋ ਦਾਲ) ਗ਼ਰੀਬ ਪਰਿਵਾਰਾਂ ਨੂੰ ਵੰਡਣ ਦਾ ਕੰਮ ਵੀ ਕੀਤਾ ਜਾ ਚੁੱਕਾ ਹੈ। ਇਹ ਵੀ ਦੱਸਣਯੋਗ ਹੈ ਕਿ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਵਿਭਾਗ ਬਰਨਾਲਾ ਵੱਲੋਂ ਹਾੜੀ ਦੇ ਸੀਜ਼ਨ ਮੌਕੇ 503664 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਨਿਰਵਿਘਣ ਕੀਤੀ ਗਈ ਅਤੇ ਕਣਕ ਦੀ ਚੁਕਵਾਈ ਤੇ ਅਦਾਇਗੀ ਵੀ ਸਮੇਂ ਸਿਰ ਕੀਤੀ ਗਈ।