ਬਰਨਾਲਾ,29 ਅਕਤੂਬਰ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਅਤੇ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਦੀ ਰਹਿਨੁਮਾਈ ਹੇਠ ਨਵੰਬਰ ਮਹੀਨੇ ਕਰਵਾਏ ਜਾ ਰਹੇ ਪੰਜਾਬ ਪ੍ਰਾਪਤੀ ਸਰਵੇਖਣ ਦੇ ਮੁਲਾਂਕਣ ਬਾਬਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਣਕਾਰੀ ਦੇਣ ਲਈ ਮਿਲਣੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰ ਸਰਬਜੀਤ ਸਿੰਘ ਤੂਰ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਮਨਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਪ੍ਰਾਪਤੀ ਸਰਵੇਖਣ ਅਧੀਨ ਸਰਕਾਰੀ ਸਕੂਲਾਂ ‘ਚ ਪੜ੍ਹਦੇ ਪਹਿਲੀ ਤੋਂ ਬਾਰਵੀ ਜਮਾਤਾਂ ਤੱਕ ਦੇ ਵਿਦਿਆਰਥੀਆਂ ਦਾ ਆਨਲਾਈਨ ਮੁਲਾਂਕਣ 11 ਨਵੰਬਰ ਤੋਂ ਕਰਵਾਇਆ ਜਾਣਾ ਹੈ।ਪੰਜਾਬ ਪ੍ਰਾਪਤੀ ਸਰਵੇਖਣ ਦੇ ਮੁਲਾਂਕਣ ਦੀ ਮਹੱਤਤਾ ਤੋਂ ਮਾਪਿਆਂ ਨੂੰ ਜਾਣੂ ਕਰਵਾਉਣ ਦੇ ਮਨੋਰਥ ਨਾਲ 2 ਅਤੇ 3 ਨਵੰਬਰ ਨੂੰ ਸਰਕਾਰੀ ਸਕੂਲਾਂ ‘ਚ ਪੜ੍ਹਦੇ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਅਧਿਆਪਕਾਂ ਅਤੇ ਅਧਿਕਾਰੀਆਂ ਵੱਲੋਂ ਆਨਲਾਈਨ ਮੀਟਿੰਗਾਂ ਕੀਤੀਆਂ ਜਾਣਗੀਆਂ।ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ੍ਰੀਮਤੀ ਹਰਕੰਵਲਜੀਤ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ੍ਰੀਮਤੀ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਆਨਲਾਈਨ ਮੀਟਿੰਗਾਂ ਦੌਰਾਨ ਅਧਿਆਪਕਾਂ ਅਤੇ ਅਧਿਕਾਰੀਆਂ ਵੱਲੋਂ ਮਾਪਿਆਂ ਨੂੰ ਅਧਿਆਪਕਾਂ ਵੱਲੋਂ ਆਨਲਾਈਨ ਤਰੀਕੇ ਨਾਲ ਕਰਵਾਈ ਜਾ ਰਹੀ ਮੁਲਾਂਕਣ ਦੀ ਤਿਆਰੀ ਬਾਰੇ ਦੱਸਣ ਦੇ ਨਾਲ ਨਾਲ ਇਸ ਮੁਲਾਂਕਣ ਵਿੱਚ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।ਅਧਿਕਾਰੀਆਂ ਨੇ ਦੱਸਿਆ ਕਿ ਮੀਟਿੰਗਾਂ ਦੌਰਾਨ ਪੰਚਾਇਤਾਂ,ਸਕੂਲ ਮੈਨੇਜਮੈਂਟ ਕਮੇਟੀਆਂ,ਕਲੱਬਾਂ,ਮਿਡ-ਡੇ-ਮੀਲ ਵਰਕਰਾਂ ਅਤੇ ਹੋਰ ਪਤਵੰਤਿਆਂ ਦਾ ਵੀ ਸਹਿਯੋਗ ਲਿਆ ਜਾਵੇਗਾ।ਵਿਭਾਗ ਦੇ ਜਿਲ਼੍ਹਾ ਮੀਡੀਆ ਕੋ-ਆਰਡੀਨੇਟਰ ਨੇ ਦੱਸਿਆ ਕਿ ਇਹਨਾਂ ਆਨਲਾਈਨ ਮੀਟਿੰਗਾਂ ਦੌਰਾਨ ਮਾਪਿਆਂ ਨੂੰ ਟੈਲੀਵੀਜਨ,ਵਟਸਅਪ ਜਰੀਏ ਭੇਜੀ ਜਾ ਰਹੀ ਪੜ੍ਹਨ ਸਮੱਗਰੀ ਅਤੇ ਵਰਕਸ਼ੀਟਾਂ ਸਮੇਤ ਹੋਰ ਸਾਧਨਾਂ ਜਰੀਏ ਕਰਵਾਈ ਜਾ ਰਹੀ ਆਨਲਾਈਨ ਪੜ੍ਹਾਈ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਕਿ ਮਾਪੇ ਆਪਣੇ ਬੱਚਿਆਂ ਨੂੰ ਇਹਨਾਂ ਸਾਧਨਾਂ ਜਰੀਏ ਕਰਵਾਈ ਜਾ ਰਹੀ ਪੜ੍ਹਾਈ ਨਾਲ ਜੁੜਕੇ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕਰ ਸਕਣ।

