ਬਰਨਾਲਾ, 30 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਪ੍ਰਧਾਨਗੀ ਹੇਠ ਸਿਹਤ ਵਿÎਭਾਗ ਦੀ ਨੈਸ਼ਨਲ ਵੈਕਟਰ ਬੌਰਨ ਡਿਜ਼ੀਜ਼ ਕੰਟਰੋਲ ਪ੍ਰੋਗਰਾਮ ਤਹਿਤ ਮੀਟਿੰਗ ਹੋਈ, ਜਿਸ ਵਿਚ ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਵੈਕਟਰ ਬੌਰਨ ਬਿਮਾਰੀਆਂ ਤੋਂ ਬਚਾਅ ਸਬੰਧੀ ਪ੍ਰਬੰਧਾਂ ’ਤੇ ਚਰਚਾ ਹੋਈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਨੇ ਕਿਹਾ ਕਿ ਬਰਸਾਤੀ ਮੌਸਮ ਆਉਣ ਦੇ ਨਾਲ ਹੀ ਵੈਕਟਰ ਬੌਰਨ ਬਿਮਾਰੀਆਂ ਦਾ ਫੈਲਾਅ ਸ਼ੁਰੂ ਹੋ ਜਾਂਦਾ ਹੈ। ਇਨ੍ਹਾਂ ਬਿਮਾਰੀਆਂ ਜਿਵੇਂ ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਲਈ ਵੱਖ ਵੱਖ ਵਿਭਾਗਾਂ ਦਾ ਸਹਿਯੋਗ ਤੇ ਤਾਲਮੇਲ ਜ਼ਰੂਰੀ ਹੈ।
ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਾਲ ਅਜੇ ਤਕ ਮਲੇਰੀਆ, ਡੇਂਗੂ, ਚਿਕਨਗੁਨੀਆ ਦਾ ਕੋਈ ਕੇਸ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਾਲ 2020 ਦੌਰਾਨ ਹੁਣ ਤੱਕ 5901 ਘਰਾਂ ਦਾ ਸਰਵੇ ਅਤੇ 6226 ਕਨਟੇਨਰਾਂ ਦਾ ਸਰਵੇ ਕੀਤਾ ਗਿਆ ਹੈ। ਇਨ੍ਹਾਂ ਵਿਚੋਂ 58 ਘਰਾਂ ਅਤੇ 69 ਕਨਟੇਨਰਾਂ ਵਿਚ ਲਾਰਵਾ ਮਿਲਿਆ ਅਤੇ ਤੁਰੰਤ ਨਸ਼ਟ ਕਰਵਾਇਆ ਗਿਆ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਂਦਾ ਹੈ। ਇਸ ਸਬੰਧੀ ਬਾਕੀ ਸਾਰੇ ਵਿਭਾਗ ਵੀ ਸਹਿਯੋਗ ਦੇਣ ਅਤੇ ਇੱਕ ਜਗ੍ਹਾ ’ਤੇ ਪਾਣੀ ਜਿਆਦਾ ਦਿਨ ਨਾ ਖੜ੍ਹਨ ਦਿੱਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ, ਨਗਰ ਕੌਂਸਲਾਂ, ਜਲ ਸਪਲਾਈ, ਸ਼ਹਿਰੀ ਵਿਕਾਸ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਹੋਰ ਸਾਰੇ ਵਿਭਾਗਾਂ ਨੂੰ ਬਣਦੀ ਜਿੰਮੇਵਾਰੀ ਨਿਭਾਉਣ ਦੀ ਹਦਾਇਤ ਕੀਤੀ। ਇਸ ਮੌਕੇ ਡੀਡੀਪੀਓ ਸੰਜੀਵ ਸ਼ਰਮਾ, ਜ਼ਿਲ੍ਹਾ ਐਪਡੀਮੋਲੋਜਿਸਟ ਡਾ. ਮੁਨੀਸ਼, ਡਾ. ਅਰਮਾਨ, ਡਿਪਟੀ ਮਾਸ ਮੀਡੀਅਰ ਅਫਸਰ ਕੁਲਦੀਪ ਸਿੰਘ ਵੀ ਹਾਜ਼ਰ ਸਨ।