ਪਟਿਆਲਾ, 9 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) ਸਾਲਾਨਾ ਮਹਾਂ ਕੁੰਭ ਮੇਲਾ-2021 ਹਰਿਦੁਆਰ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਮਹਾਂਮਾਰੀ ਕੋਵਿਡ-19 ਦੇ ਮੱਦੇਨਜ਼ਰ ਉਤਰਾਖੰਡ ਸਰਕਾਰ ਨੇ 27 ਫਰਵਰੀ, 2021 ਤੋਂ ਕੁੰਭ ਮੇਲਾ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਮੇਲੇ ਸੰਬੰਧੀ ਉਤਰਾਖੰਡ ਸਰਕਾਰ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਸਮੂਹ ਰਾਜਾਂ ਦੇ ਮੁੱਖ ਸਕੱਤਰਾਂ ਨੂੰ ਪੱਤਰ ਲਿਖ ਕੇ ਇਹਨਾਂ ਦੀ ਪਾਲਣਾ ਹਿੱਤ ਬੇਨਤੀ ਕੀਤੀ ਗਈ ਹੈ।
ਉਤਰਾਖੰਡ ਦੇ ਮੁੱਖ ਸਕੱਤਰ ਵੱਲੋਂ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਮੇਲੇ ਵਿੱਚ ਜੁੜਨ ਵਾਲੇ ਸ਼ਰਧਾਲੂਆਂ ਨੂੰ ਉਤਰਾਖੰਡ ਸਰਕਾਰ ਹਰ ਪੱਧਰ ‘ਤੇ ਸਮਾਜਿਕ ਦੂਰੀਆਂ ਸਥਾਪਤ ਕਰਨ, ਲੋੜੀਂਦੀਆਂ ਡਾਕਟਰੀ ਅਤੇ ਸਫਾਈ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।
ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਜਾਰੀ ਸਲਾਹ ਅਨੁਸਾਰ ਗਰਭਵਤੀ ਔਰਤਾਂ, 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ, ਜਿਨ੍ਹਾਂ ਦੀ ਉਮਰ 65 ਸਾਲ ਤੋਂ ਵੱਧ ਹੈ, ਹੋਰ ਸਰੀਰਕ ਬਿਮਾਰੀਆਂ ਤੋਂ ਪੀੜਤ ਜਾਂ ਸਰੀਰਕ ਤੌਰ ਉਤੇ ਕਮਜ਼ੋਰ ਹਨ, ਨੂੰ ਘਰ ਵਿਚ ਹੀ ਰਹਿਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਕੁੰਭ ਮੇਲੇ ‘ਤੇ ਆਉਣ ਵਾਲੇ ਸ਼ਰਧਾਲੂਆਂ/ਯਾਤਰੀਆਂ ਦੀ ਬੱਸ ਅਤੇ ਰੇਲਵੇ ਸਟੇਸ਼ਨਾਂ ‘ਤੇ ਕਰੋਨਾ ਜਾਂਚ ਅਤੇ ਹੋਰ ਲੋੜੀਂਦੀਆਂ ਜਾਂਚਾਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਦੂਜੇ ਰਾਜਾਂ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਵਿਡ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਬੰਧ ਵਿਚ ਇਹ ਵੀ ਬੇਨਤੀ ਕੀਤੀ ਗਈ ਹੈ ਕਿ ਕੁੰਭ ਮੇਲੇ ਲਈ ਵਾਧੂ ਜਾਂ ਵਿਸ਼ੇਸ਼ ਬੱਸ ਸੇਵਾਵਾਂ ਸਿਰਫ ਮੇਲਾ ਪ੍ਰਬੰਧਕਾਂ ਦੀ ਸਹਿਮਤੀ ਨਾਲ ਹੀ ਚਲਾਈਆਂ ਜਾਣੀਆਂ ਚਾਹੀਦੀਆਂ ਹਨ। ਸ਼੍ਰੀ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਸਲਾਹਾਂ ਅਤੇ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ।