ਬਰਨਾਲਾ, 10 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਖੇਤੀਬਾੜੀ ਵਿਭਾਗ ਦੀਆਂ ਸਕੀਮਾਂ ਅਤੇ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਦੇਵ ਸਿੰਘ ਵੱਲੋਂ ਅਮਲੇ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਆਖਿਆ ਕਿ ਨਰਮੇ ਦੀ ਫਸਲ ਦਾ ਪੈਸਟ ਸਰਵੇਲੈਂਸ ਚੱਲ ਰਿਹਾ ਹੈ, ਇਸ ਲਈ ਇਸ ਦੀ ਰੋਜ਼ਾਨਾ ਸਵੇਰੇ 8 ਵਜੇ ਤੋਂ ਪਹਿਲਾਂ ਸਰਵੇਖਣ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਫੀਲਡ ਸਟਾਫ ਨੂੰ ਝੋਨੇ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਯੂਰੀਆ ਦੀ ਵਰਤੋਂ ਭੂਮੀ ਸਿਹਤ ਕਾਰਡ ਅਨੁਸਾਰ ਕਰਨ ਲਈ ਪ੍ਰੇਰਿਤ ਕਰਨ ਲਈ ਆਖਿਆ।
ਉਨ੍ਹਾਂ ਆਖਿਆ ਕਿ ਜ਼ਿਲ੍ਹੇ ਵਿੱਚ ਮੱਕੀ ਦਾ ਟੀਚਾ ਪੂਰਾ ਹੋ ਚੁੱਕਾ ਹੈ ਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦਾ ਡਾਟਾ ਇੱਕਠਾ ਕਰ ਕੇ ਉਨ੍ਹਾਂ ਦੇ ਫਾਰਮ ਤਿਆਰ ਕੀਤੇ ਜਾਣ। ਜ਼ਿਲ੍ਹੇ ਵਿੱਚ ਝੋਨੇ ਦੀ ਥਾਂ ’ਤੇ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ 23,500 ਰੁਪਏ ਦੇ ਹਿਸਾਬ ਨਾਲ ਸਹਾਇਤਾ ਰਾਸ਼ੀ ਦਿੱਤੀ ਜਾਣੀ ਹੈ। ਇਸ ਲਈ ਉਨ੍ਹਾਂ ਕਿਸਾਨਾਂ ਦੀ ਸ਼ਨਾਖਤ ਕੀਤੀ ਜਾਵੇ, ਜੋ ਝੋਨੇ ਦੀ ਥਾਂ ’ਤੇ ਮੱਕੀ ਲਗਾਉਣਗੇ।
ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਹੁਣ ਤੋਂ ਹੀ ਪ੍ਰਬੰਧ ਕਰਨੇ ਸ਼ੁਰੂ ਕੀਤੇ ਜਾਣ, ਜਿਸ ਵਿੱਚ ਪਿੰਡਾਂ ਦੀਆਂ ਪੰਚਾਇੰਤਾਂ ਨਾਲ ਮਿਲ ਕੇ ਪਿੰਡ ਦੀ ਸਾਂਝੀ ਥਾਂ ’ਤੇ ਟੋਏ ਪੁੱਟ ਕੇ ਉਸ ਦੀ ਖਾਦ ਬਣਾਉਣ ਲਈ ਪ੍ਰਬੰਧ ਕਰਨ ਲਈ ਪ੍ਰੋਗਰਾਮ ਚਲਾਏ ਜਾਣ ਅਤੇ ਪਰਾਲੀ ਦੀਆਂ ਗੱਠਾਂ ਬਣਾਉਣ ਲਈ ਬੇਲਰ ਦੀ ਡਿਮਾਂਡ ਬਣਾ ਲਈ ਜਾਵੇ ਤਾਂ ਜੋ ਕਿਸਾਨਾਂ ਨੂੰ ਸਬਸਿਡੀ ’ਤੇ ਬੇਲਰ ਮੁਹੱਈਆ ਕਰਵਾਈ ਜਾ ਸਕੇ।
ਉਨ੍ਹਾਂ ਹਦਾਇਤ ਕੀਤੀ ਕਿ ਕੋਵਿਡ 19 ਕਾਰਨ ਵੱਡੇ ਕੈਂਪ ਨਹੀਂ ਲਗਾਏ ਜਾ ਸਕਦੇ। ਕਿਸਾਨਾਂ ਨਾਲ ਸਰਕਲਵਾਰ ਵਟਸਅੱਪ ਗਰੁੱਪ ਬਣਾ ਕੇ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਸਿਖਲਾਈ ਅਫਸਰ ਚਰਨਜੀਤ ਸਿੰਘ ਕੈਂਥ, ਭੂਮੀ ਪਰਖ ਅਫਸਰ ਸਰਬਜੀਤ ਸਿੰਘ, ਖੇਤੀਬਾੜੀ ਅਫਸਰ ਮਹਿਲ ਕਲਾਂ ਲਖਵੀਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸਹਿਣਾ ਜਸਵਿੰਦਰ ਸਿੰਘ, ਗੁਰਚਰਨ ਸਿੰਘ, ਸੁਖਪਾਲ ਸਿੰਘ, ਗੁਰਮੀਤ ਸਿੰਘ, ਅਮ੍ਰਿੰਤਪਾਲ ਸਿੰਘ ਤੇ ਹੋਰ ਹਾਜ਼ਰ ਸਨ।