ਪਟਿਆਲਾ (ਪ੍ਰੈਸ ਕਿ ਤਾਕਤ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ਦੇ ਅਵਸਰ ‘ਤੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਉਪਰੰਤ ਰਾਗੀ ਜਥੇ ਨੇ ਰਸਭਿੰਨਾ ਗੁਰਬਾਣੀ ਕੀਰਤਨ ਸਰਵਣ ਕਰਵਾਇਆ।
ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਸਰਕਾਰੀ ਮਹਿੰਦਰਾ ਕਾਲਜ ਵਿਖੇ ਤਿਆਰ ਕੀਤੇ ਗਏ ਨਵੇਂ ਕੈਂਪ ਆਫ਼ਿਸ ਵਿਖੇ ਕਰਵਾਏ ਸਮਾਗਮ ਦੌਰਾਨ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਥਾਪਤ ਕੀਤੀ ਗਈ ਇਸ ਯੂਨੀਵਰਸਿਟੀ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਸ ਦਾ ਅਕਾਦਮਿਕ ਸੈਸ਼ਨ ਜੁਲਾਈ 2021 ਤੋਂ ਸ਼ੁਰੂ ਕੀਤਾ ਜਾਵੇਗਾ।
ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਲਗਾਤਾਰ ਵਿਦਿਅਕ ਮਾਹਰ ਨਾਲ ਮੀਟਿੰਗਾਂ ਕਰਕੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਮੌਕੇ ਕੌਮਾਂਤਰੀ ਵੈਬੀਨਾਰ ਕਰਵਾਇਆ ਗਿਆ ਸੀ, ਜਿਸ ‘ਚ ਦੇਸ਼-ਵਿਦੇਸ਼ ਦੇ ਵਿਦਿਅਕ ਮਾਹਰ, ਪ੍ਰਸ਼ਾਸਨਕ ਤਜਰਬੇਕਾਰਾਂ, ਸਾਹਿਤ ਕਾਰਾਂ, ਵਿਗਿਆਨੀਆਂ ਨਾਲ ਯੂਨੀਵਰਸਿਟੀ ‘ਚ ਵਿਦਿਅਕ ਗਤੀਵਿਧੀਆਂ ਸਬੰਧੀ ਵਿਚਾਰ ਚਰਚਾ ਕੀਤੀ ਗਈ ਸੀ।
ਉਪ ਕੁਲਪਤੀ ਨੇ ਦੱਸਿਆ ਕਿ ਇਹ ਯੂਨੀਵਰਸਿਟੀ ਨਵੀਂ ਸਿੱਖਿਆ ਨੀਤੀ 2020 ਮੁਤਾਬਕ ਨੌਜਵਾਨਾਂ ਨੂੰ ਰੋਜ਼ਗਾਰ ਮੁਖੀ ਕੋਰਸ ਕਰਵਾਉਣ ‘ਤੇ ਜ਼ੋਰ ਦੇਵੇਗੀ ਅਤੇ ਜਿਨ੍ਹਾਂ ਪਾਸ ਵਿੱਦਿਅਕ ਸੰਸਥਾਨਾਂ ਵਿੱਚ ਰੈਗੂਲਰ ਪੜ੍ਹਾਈ ਦੇ ਮੌਕੇ ਨਾ ਮਾਤਰ ਜਾਂ ਬਹੁਤ ਥੋੜੇ ਹਨ। ਸਭਨਾਂ ਲਈ ਵਿੱਦਿਆ ਦੇ ਢੁਕਵੇਂ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਸਥਾਪਤ ਹੋਣ ਵਾਲੀ ਇਸ ਯੂਨੀਵਰਸਿਟੀ ਜ਼ਰੀਏ ਕਿਸੇ ਵੀ ਤਰ੍ਹਾਂ ਦਾ ਰੁਜ਼ਗਾਰ ਵਾਲੇ ਵਿਅਕਤੀਆਂ, ਘਰੇਲੂ ਸੁਆਣੀਆਂ, ਬਾਲਗਾਂ ਅਤੇ ਪ੍ਰਵਾਸੀ ਭਾਰਤੀਆਂ ਲਈ ਉੱਚ ਪੱਧਰ ਦੀ ਵਿਦਿਆ ਹਾਸਿਲ ਕਰਨ ਜਾਂ ਆਪਣੇ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਕਰਨ ਦੇ ਮੌਕੇ ਪੱਤਰ ਵਿਹਾਰ ਵਿਧੀ ਜ਼ਰੀਏ ਉਪਲਬਧ ਹੋ ਸਕਣਗੇ।
ਇਸ ਮੌਕੇ ਡਾਇਰੈਕਟਰ ਭਾਸ਼ਾ ਵਿਭਾਗ ਸ੍ਰੀਮਤੀ ਕਰਮਜੀਤ ਕੌਰ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਦੇ ਰਜਿਸਟਰਾਰ ਗੁਰਦਰਸ਼ਨ ਸਿੰਘ ਬਰਾੜ, ਮੁਲਤਾਨੀ ਮੱਲ ਮੋਦੀ ਕਾਲਜ ਦੇ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ ਵੀ ਮੌਜੂਦ ਸਨ।