ਬਰਨਾਲਾ, 9 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਦੀ ਅਗਵਾਈ ਵਿਚ ਵਿਕਾਸ ਕਾਰਜਾਂ ਸਬੰਧੀ ਵੱਖ ਵੱਖ ਵਿਭਾਗਾਂ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਸਣੇ ਹੋਰ ਵਿਭਾਗਾਂ ਨੂੰ ਵਿਕਾਸ ਕਾਰਜ ਤੇਜ਼ੀ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ, ਡੀਡੀਪੀਓ ਸੰਜੀਵ ਸ਼ਰਮਾ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੇ ਬੀਡੀਪੀਓਜ਼ ਨੂੰ ਹਦਾਇਤਾਂ ਦਿੱਤੀਆਂ ਗਈਆਂ ਕਿ ਬਕਾਇਆ ਪਏ ਵਿਕਾਸ ਕਾਰਜ ਤੇਜ਼ੀ ਨਾਲ ਨੇਪਰੇ ਚਾੜ੍ਹੇ ਜਾਣ। ਇਸ ਮੌਕੇ ਉਨ੍ਹਾਂ ਹਾਈਵੇਜ਼ ਅਥਾਰਟੀ ਅਧਿਕਾਰੀਆਂ ਤੇ ਹੋਰ ਸਬੰਧਤ ਵਿਭਾਗਾਂਨੂੰ ਸੜਕ ਸੁਰੱਖਿਆ ਸਬੰਧੀ ਸਾਈਨ ਬੋਰਡ ਲਾਉਣ ਸਬੰਧੀ ਦਿੱਤੇ ਆਦੇਸ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਠੋਸ ਕੂੜਾ ਪ੍ਰਬੰਧਨ ਅਤੇ ਪਲਾਸਟਿਕ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨੇ ਨਗਰ ਕੌਸਲਾਂ ਦੇ ਕਾਰਜਸਾਧਕ ਅਫਸਰਾਂ ਨੂੰ ਕੂੜੇ ਦੇ ਢੁਕਵੇਂ ਪ੍ਰਬੰਧਨ ’ਤੇ ਕਾਰਗੁਜ਼ਾਰੀ ਹੋਰ ਬਿਹਤਰ ਬਣਾਉਣ ਉਤੇ ਜ਼ੋਰ ਦਿੱਤਾ। ਉਨ੍ਹਾਂ ਆਖਿਆ ਕਿ ਪਲਾਸਟਿਕ ਵਿਰੁੱਧ ਮੁਹਿੰਮ ਵਿੱਚ ਤਹਿਤ ਲਗਾਤਾਰ ਯਤਨ ਕੀਤੇ ਜਾਣ ਅਤੇ ਕੱਪੜੇ ਦੇ ਥੈਲਿਆਂ ਆਦਿ ਨੂੰ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹੇ ਵਿੱਚ ਸਾਫ-ਸਫਾਈ ਅਤੇ ਹਰਿਆਵਲ ਸਬੰਧੀ ਸਿਰਤੋੜ ਉਪਰਾਲੇ ਕਰਨ ਲਈ ਆਖਿਆ। ਇਸ ਮੌਕੇ ਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫਸਰ ਅਤੇ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਹਾਜ਼ਰ ਸਨ।