ਅੰਮ੍ਰਿਤਸਰ, 11 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਹਾਕੀ ਟੀਮ ਦੇ ਖਿਡਾਰੀ ਸਵੇਰੇ ਹਵਾਈ ਜਹਾਜ਼ ਰਾਹੀਂ ਤੜਕਸਾਰ ਸ੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਪੁੱਜੇ। ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇ ਖਿਡਾਰੀਆਂ ਵਿਚ ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ, ਹਰਮਨਪ੍ਰੀਤ ਸਿੰਘ, ਰੁਪਿੰਦਰਪਾਲ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਹਾਰਦਿਕ ਸਿੰਘ, ਕ੍ਰਿਸਨ ਸਿਮਰਨਜੀਤ ਸਿੰਘ, ਗੁਰਜੀਤ ਕੌਰ ਸ਼ਾਮਲ ਸਨ।
ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਵਾਗਤ ਕਰਨ ਉਪਰੰਤ ਸਾਰੇ ਖਿਡਾਰੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਸ਼੍ਰੋਮਣੀ ਗੁਰਦਾਵਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹਾਕੀ ਖਿਡਾਰੀਆਂ ਨੂੰ 1 ਕਰੋੜ ਰੁਪਏ ਦਾ ਚੈੱਕ, ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਸਮਾਗਮ ਉਪਰੰਤ ਇਨ੍ਹਾਂ ਖਿਡਾਰੀਆਂ ਨੂੰ ਇਨ੍ਹਾਂ ਦੇ ਜ਼ਿਲ੍ਹਿਆਂ ਲਈ ਪੁਲਸ ਟੀਮ ਨਾਲ ਰਵਾਨਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰ. ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਗੁਰੂ ਨਗਰੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਹਾਕੀ ਟੀਮ ਦੇ 6 ਖਿਡਾਰੀ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਸਨ। ਉਨ੍ਹਾਂ ਕਿਹਾ ਕਿ ਖਿਡਾਰੀਆਂ ਨੇ ਜਿਥੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ ਉਥੇ ਅੰਮ੍ਰਿਤਸਰ ਦਾ ਨਾਮ ਵੀ ਸੰਸਾਰ ਭਰ ਵਿਚ ਉਜਾਗਰ ਕੀਤਾ ਹੈ।