ਚੰਡੀਗੜ, 7 ਅਗਸਤ (ਪ੍ਰੈਸ ਕੀ ਤਾਕਤ ਬਿਓਰੋ) : ਸਿੱਖਸ ਫਾਰ ਜਸਟਿਸ ਨਾਲ ਜੁੜੇ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਗਵਰਨਰ ਵੀ ਪੀ ਸਿੰਘ ਬਦਨੌਰ ਨੂੰ ਧਮਕੀ ਦਿੱਤੀ ਹੈ ਕਿ ਜੇ ਉਹ ਆਜ਼ਾਦੀ ਦਿਹਾੜੇ ‘ਤੇ ਝੰਡਾ ਲਹਿਰਾਉਂਦੇ ਹਨ ਤਾਂ ਉਹ ਉਨ੍ਹਾਂ ਦੀ ਸਿਆਸੀ ਮੌਤ ਲਈ ਜ਼ਿੰਮੇਵਾਰ ਹੋਣਗੇ।
ਗੁਰਪਤਵੰਤ ਸਿੰਘ ਪੰਨੂੰ ਦੇ ਇੱਕ ਟੈਲੀਫੋਨ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਮਰ ਰਹੇ ਹਨ। ਅਜਿਹੀ ਸਥਿਤੀ ਵਿੱਚ ਝੰਡਾ ਲਹਿਰਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਭਾਜਪਾ ਦੇ ਕੋਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਹਰਿਆਣਾ ਵਿੱਚ, ਲੋਕਾਂ ਨੂੰ ਮਨੋਹਰ ਲਾਲ ਨੂੰ ਧਮਕਾਉਣ ਵਾਲੇ ਵੱਖ ਵੱਖ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਆਈਆਂ ਸਨ। ਸਰਕਾਰ ਨੇ ਮਾਮਲੇ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਸਨ। ਇਸ ਤੋਂ ਬਾਅਦ ਹੁਣ ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀ ਨੂੰ ਵੀ ਅਜਿਹੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾਂ ਪੁਲਿਸ ਨੇ ਸਿੱਖਸ ਫਾਰ ਜਸਟਿਸ ਦੇ ਮੈਂਬਰ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਦੇਸ਼ਧ੍ਰੋਹ ‘ਤੇ ਹੋਰ ਦੋਸ਼ਾਂ ਦਾ ਕੇਸ ਦਰਜ ਕੀਤਾ ਹੈ। ਉਸ ਖ਼ਿਲਾਫ਼ ਇਹ ਕਾਰਵਾਈ ਉਸ ਵੱਲੋਂ ਮੁੱਖ ਮੰਤਰੀ ਜੈਰਾਮ ਠਾਕੁਰ ਨੂੰ ਦਿੱਤੀ ਧਮਕੀ ’ਤੇ ਕੀਤੀ ਗਈ ਜਿਸ ਵਿਚ ਉਸ ਨੇ ਉਨ੍ਹਾਂ ਨੂੰ ਰਾਸ਼ਟਰੀ ਝੰਡਾ ਨਾ ਲਹਿਰਾਉਣ ਲਈ ਕਿਹਾ ਸੀ। ਉਸ ਨੇ ਇਹ ਧਮਕੀ ਰਿਕਾਰਡਿਡ ਫੋਨ ਕਾਲ ਜ਼ਰੀਏ ਦਿੱਤੀ ਸੀ। ਉਸ ਖ਼ਿਲਾਫ਼ ਕੇਸ ਰਿਕਾਰਡਿਡ ਕਾਲਾਂ ਦੇ ਆਧਾਰ ’ਤੇ ਹੀ ਦਰਜ ਕੀਤਾ ਗਿਆ ਹੈ। ਪਰ ਸਭ ਤੋਂ ਵੱਡੀ ਗੱਲ ਤਾਂ ਇਹ ਹੈ ਕਿ ਇਹ ਸਾਰੀਆਂ ਕਾਲਾਂ ਅਮਰੀਕਾ ਅਤੇ ਹੋਰ ਦੇਸ਼ਾਂ ਦੇ ਨੰਬਰਾਂ ਤੋਂ ਰਿਕਾਰਡਿਡ ਆ ਰਹੀਆਂ ਹੈ, ਜਿਸ *ਤੇ ਭਾਰਤ ਸਰਕਾਰ ਲਈ ਬਹੁਤ ਸਾਰੀਆਂ ਕਾਨੂੰਨੀ ਪੇਚੀਦਿਗੀਆਂ ਹਨ ਅਤੇ ਰਾਜ ਸਰਕਾਰਾਂ ਕੁਝ ਵੀ ਠੋਸ ਨਹੀਂ ਕਰ ਪਾ ਰਹੀਆਂ।