ਬਰਨਾਲਾ,1 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਗ਼ੈਰ-ਮਨਜ਼ੂਰਸ਼ੁਦਾ ਪਾਣੀ ਦੇ ਕੁਨੈਕਸ਼ਨਾਂ ਵਾਲੇ ਖਪਤਕਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੁਨੈਕਸ਼ਨ ਰੈਗੂਲਰ ਕਰਾਉਣ ਦਾ ਮੌਕਾ ਦੇਣ ਲਈ ਵਲੰਟਰੀ ਡਿਸਕਲੋਜ਼ਰ ਸਕੀਮ (ਵੀ.ਡੀ.ਐਸ) ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਮੁਫਤ ਵਿਚ ਕੁਨੈਕਸ਼ਨ ਰੈਗੂਲਰ ਕੀਤੇ ਜਾਣਗੇ।
ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਦੀ ਚੇਅਰਪਰਸਨ ਸ੍ਰੀਮਤੀ ਸਰਬਜੀਤ ਕੌਰ ਵੱਲੋਂ ਇਸ ਸਕੀਮ ਸਬੰਧੀ ਜ਼ਿਲੇ੍ਹ ਦੇ ਪਿੰਡਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਵੈਨ ਰਵਾਨਾ ਕਰਨ ਮੌਕੇ ਕੀਤਾ ਗਿਆ। ਇਸ ਦੌਰਾਨ ਚੇਅਰਪਰਸਨ ਸ੍ਰੀਮਤੀ ਸਰਬਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਹੂਲਤਾਂ ਅਤੇ ਸੇਵਾਵਾਂ ਲਈ ਸਮੇਂ ਸਮੇਂ ’ਤੇ ਬਿਹਤਰੀਨ ਸਕੀਮਾਂ ਜਾਰੀ ਕੀਤੀਆਂ ਜਾਂਦੀਆਂ ਹਨ। ਇਸੇ ਤਹਿਤ ਪੰਜਾਬ ਸਰਕਾਰ ਵੱਲੋਂ ਬਿਨਾਂ ਕਿਸੇ ਖਰਚੇ ਤੋਂ ਪਾਣੀ ਦੇ ਅਣਅਧਿਕਾਰਤ ਕੁਨੈਕਸ਼ਨ ਰੈਗੂਲਰ ਕਰਵਾਉਣ ਦਾ ਮੌਕਾ ਦਿੱਤਾ ਗਿਆ ਹੈ, ਜਿਸ ਦਾ ਲਾਭ ਹਰ ਵਿਅਕਤੀ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਸਾਡੇ ਜੀਵਨ ਦਾ ਅਹਿਮ ਹਿੱਸਾ ਹੈ, ਜਿਸ ਦੀ ਸੰਭਾਲ ਅਤੇ ਯੋਗ ਵਰਤੋਂ ਸਾਡੇ ਸਾਰਿਆਂ ਦਾ ਫਰਜ਼ ਹੈ।
ਜਲ ਸਪਲਾਈ ਵਿਭਾਗ ਦੇ ਐਕਸੀਅਨ ਮਹੇਸ਼ ਕੁਮਾਰ ਨੇ ਦੱਸਿਆ ਕਿ ਯੋਜਨਾ ਤਹਿਤ ਆਪਲਾਈ ਕਰਨ ਲਈ ਆਖਰੀ ਮਿਤੀ 15 ਜੁਲਾਈ ਹੈ। ਇਸ ਉਪਰੰਤ ਜੇਕਰ ਕਿਸੇ ਵੀ ਵਿਅਕਤੀ ਦਾ ਕਨੈਕਸ਼ਨ ਗੈਰ-ਮਨਜ਼ੂਰਸ਼ੁਦਾ ਪਾਇਆ ਗਿਆ ਤਾਂ ਕੁਨੈਕਸ਼ਨ ਕੱਟਣ ਦੇ ਨਾਲ ਜੁਰਮਾਨਾ ਕੀਤਾ ਜਾਵੇਗਾ। ਇਸ ਲਈ ਉਨ੍ਹਾਂ ਸਭ ਨੂੰ ਕਨੈਕਸ਼ਨ ਰੈਗੂਲਰ ਕਰਵਾਉਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਰਾਜਕੰਵਲਜੀਤ, ਐਸਡੀਓ ਬਲਵਿੰਦਰ ਸਿੰਘ, ਮੀਨਾ ਸਿੱਧੂ ਤੇ ਜਲ ਸਪਲਾਈ ਵਿਭਾਗ ਦੇ ਕਰਮਚਾਰੀ ਮੌਜੂਦ ਸਨ।