ਪਟਿਆਲਾ, 15 ਦਸੰਬਰ (ਪ੍ਰੈਸ ਕੀ ਤਾਕਤ ਬਿਊਰੋ): ਸਾਲ 2017 ਦੌਰਾਨ ਮੌਜੂਦਾ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਉਚੇਰੀ ਸਿੱਖਿਆ ਮੰਤਰੀ ਜੀ ਦੇ ਦਿਸ਼ਾ ਨਿਰਦੇਸ਼ ਅਤੇ ਯੋਗਦਾਨ ਨਾਲ ਸਵਰਗੀ ਪ੍ਰੋ. ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ (ਅਨੁਵਾਦ) ਦੀ ਸਥਾਪਨਾ ਕਰਨ ਸਬੰਧੀ ਫ਼ੈਸਲਾ ਕੀਤਾ ਗਿਆ। ਪ੍ਰੋ. ਗੁਰਦਿਆਲ ਸਿੰਘ, ਪੰਜਾਬੀ ਸਾਹਿਤ ਦੀ ਨਾਮਵਰ ਸ਼ਖ਼ਸੀਅਤ ਹਨ, ਜੋ ਕਿਸੇ ਵੀ ਜਾਣ-ਪਛਾਣ ਦੇ ਮੁਹਤਾਜ ਨਹੀਂ ਹਨ। ਇਨ੍ਹਾਂ ਨੂੰ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਸਾਹਿਤ ਪੁਰਸਕਾਰ, ਪੰਜਾਬੀ ਸਾਹਿਤ ਰਤਨ ਪੁਰਸਕਾਰ ਦੇ ਨਾਲ-ਨਾਲ ਭਾਰਤ ਸਰਕਾਰ ਦੇ ਗਿਆਨਪੀਠ ਐਵਾਰਡ ਨਾਲ ਨਿਵਾਜਿਆ ਜਾ ਚੁੱਕਾ ਹੈ। ਇਨ੍ਹਾਂ ਦੇ ਨਾਮ ਤੇ ਪੰਜਾਬ ਸਰਕਾਰ ਵੱਲੋਂ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਸਥਾਪਤ ਕਰਨਾ ਪੰਜਾਬੀ ਜਗਤ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਹ ਪੁਰਸਕਾਰ ਸਾਲ 2021 ਤੋਂ ਹਰ ਸਾਲ ਪੰਜਾਬੀ ਵਿਚ ਅਨੁਵਾਦਤ ਸਰਵੋਤਮ ਪੁਸਤਕ ਲਿਖਣ ਵਾਲੇ ਲੇਖਕ ਨੂੰ ਦਿੱਤਾ ਜਾਵੇਗਾ ਜਿਸ ਵਿੱਚ 21,000/- ਰੁਪਏ ਦੀ ਰਾਸ਼ੀ,ਪਲੇਕ ਅਤੇ ਸ਼ਾਲ ਨਾਲ ਸਨਮਾਨਤ ਕੀਤਾ ਜਾਵੇਗਾ। ਇਸ ਪੁਰਸਕਾਰ ਲਈ ਲੇਖਕ 01 ਜਨਵਰੀ 2020 ਤੋਂ 31 ਦਸੰਬਰ 2020 ਤੱਕ ਤਿਆਰ ਕੀਤੀਆਂ ਪੁਸਤਕਾਂ ਭਾਸ਼ਾ ਵਿਭਾਗ, ਪੰਜਾਬ ਨੂੰ 30 ਅਪ੍ਰੈਲ 2021 ਤੱਕ ਭੇਜ ਸਕਦੇ ਹਨ।













