ਜਲੰਧਰ, 9 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) – ਜਲੰਧਰ ਵਿੱਚ ਅੱਜ 37 ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ, ਜਿਨ੍ਹਾਂ ‘ਚ ਸ਼ਾਹਕੋਟ ਦੇ ਐੱਸ.ਡੀ.ਐਮ. ਸੰਜੀਵ ਸ਼ਰਮਾ ਅਤੇ ਜਲੰਧਰ ਦਿਹਾਤੀ ਪੁਲਿਸ ਦੇ ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਦੇ ਸੈਂਪਲਾਂ ਦੀ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਜ਼ਿਲ੍ਹੇ ‘ਚ ਇਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੇ ਇਨ੍ਹਾਂ ਦੋਵੇਂ ਅਧਿਕਾਰੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਦੀ ਸਰਗਰਮੀ ਵੱਧ ਗਈ ਹੈ।
ਟੀਮਾਂ ਵਲੋਂ ਅਧਿਕਾਰੀਆਂ ਦੇ ਸੰਪਰਕ ‘ਚ ਆਉਣ ਵਾਲੇ ਵਿਅਕਤੀਆਂ ਦੀ ਲਿਸਟ ਤਿਆਰ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਸਬੰਧੀ ਹੋਰ ਇਹਤਿਆਤ ਵਰਤੇ ਜਾ ਰਹੇ ਹਨ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਅੱਜ ਆਈਆਂ ਰਿਪੋਰਟਾਂ ‘ਚ 32 ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਫਰੀਦਕੋਟ ਮੈਡੀਕਲ ਕਾਲਜ ਦੀ ਲੈਬਾਰਟਰੀ ਤੋਂ ਪ੍ਰਾਪਤ ਹੋਈ ਹੈ, 4 ਮਰੀਜ਼ਾਂ ਦੀ ਰਿਪੋਰਟ ਨਿੱਜੀ ਲੈਬਾਰਟਰੀ ਤੋਂ ਅਤੇ ਇਕ ਰਿਪੋਰਟ ਸਿਵਲ ਹਸਪਤਾਲ ਦੇ ਟਰੂਨੈਟ ਮਸ਼ੀਨ ਤੋਂ ਮਿਲੀ ਹੈ।
ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਐੱਸ.ਐੱਸ.ਪੀ. ਨਵਜੋਤ ਸਿੰਘ ਮਾਹਲ ਐੱਮ ਐੱਲ ਏ ਹੈਨਰੀ ਦੀ ਭੈਣ ਦੇ ਵਿਆਹ ਵਿੱਚ ਸ਼ਾਮਿਲ ਹੋਏ ਸਨ, ਜਿੱਥੇ ਹੋਰ ਵੀ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਹੋਰ ਕਈ ਅਧਿਕਾਰੀ ਵੀ ਮੌਜੂਦ ਸਨ। ਇਸ ਖਬਰ ਤੋਂ ਬਾਅਦ ਵਿਧਾਇਕ ਪ੍ਰਗਟ ਸਿੰਘ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।