ਬਰਨਾਲਾ, 17 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਬਰਨਾਲਾ ਜ਼ਿਲ੍ਹੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਦਿਸ਼ਾ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ ਅਤੇ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੈਪੋ ਅਧੀਨ ਮੀਟਿੰਗ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਰੇ ਮੁਲਾਜ਼ਮਾਂ ਵੱਲੋਂ ਡੈਪੋ ਵਜੋਂ ਰਜਿਸਟਰ ਹੋ ਕੇ ਵੱਧ ਤੋਂ ਵੱਧ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾਵੇ ਤਾਂ ਜੋ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ‘ਡੈਪੋ’ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਨੂੰ ਸਫਲ ਬਣਾਉਣ ਲਈ ਕਲੱਸਟਰ ਕੋਆਰਡੀਨੇਟਰ, ਜੀਓਜ਼ੀ, ਕਾਊਂਸਲਰਾਂ ਤੇ ਸਾਰੇ ਵਿਭਾਗਾਂ ਦਾ ਸਹਿਯੋਗ ਜ਼ਰੂਰੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਸਹਾਇਕ ਕਮਿਸ਼ਨਰ ਸ੍ਰੀ ਅਸ਼ੋਕ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।













