ਨਾਭਾ ਸ਼ਹਿਰ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸਿਵਲ ਹਸਪਤਾਲ ਨਾਭਾ ਦਾ ਲੰਬੇ ਸਮੇਂ ਤੋਂ ਬੰਦ ਪਿਆ ਪਿਛਲਾ ਗੇਟ ਆਖ਼ਰਕਾਰ ਪ੍ਰਸ਼ਾਸਨ ਵੱਲੋਂ ਖੋਲ੍ਹ ਦਿੱਤਾ ਗਿਆ ਹੈ। ਗੇਟ ਖੁੱਲ੍ਹਣ ਨਾਲ ਹੁਣ ਐਂਬੂਲੈਂਸਾਂ ਨੂੰ ਬਾਜ਼ਾਰ ਦੇ ਟ੍ਰੈਫਿਕ ਜਾਮ ਵਿੱਚ ਫਸਣ ਤੋਂ ਰਾਹਤ ਮਿਲੇਗੀ ਅਤੇ ਮਰੀਜ਼ਾਂ ਨੂੰ ਵੀ ਹਸਪਤਾਲ ਪਹੁੰਚਣ ਲਈ ਆਸਾਨ ਰਸਤਾ ਮਿਲੇਗਾ।
ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਨਾਭਾ ਵਿਖੇ ਆਉਣ ਵਾਲੀਆਂ ਐਂਬੂਲੈਂਸਾਂ ਨੂੰ ਬਾਜ਼ਾਰ ਵਿੱਚ ਭਾਰੀ ਭੀੜ ਅਤੇ ਟ੍ਰੈਫਿਕ ਜਾਮ ਕਾਰਨ ਅਕਸਰ ਕਾਫ਼ੀ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ। ਇਸ ਕਾਰਨ ਗੰਭੀਰ ਹਾਲਤ ਵਿੱਚ ਹਸਪਤਾਲ ਪਹੁੰਚਣ ਵਾਲੇ ਮਰੀਜ਼ਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਤੋਂ ਇਲਾਵਾ ਸ਼ਹਿਰ ਵਾਲੇ ਪਾਸੇ ਸਥਿਤ ਪਿਛਲਾ ਗੇਟ ਬੰਦ ਹੋਣ ਕਾਰਨ ਆਮ ਲੋਕਾਂ ਲਈ ਵੀ ਹਸਪਤਾਲ ਪਹੁੰਚਣਾ ਮੁਸ਼ਕਲ ਹੋ ਗਿਆ ਸੀ। ਦੱਸਿਆ ਜਾਂਦਾ ਹੈ ਕਿ ਇਸ ਗੇਟ ਨੂੰ ਵਿਧਾਇਕ ਦੇਵ ਮਾਨ ਵੱਲੋਂ ਪੱਕੇ ਤੌਰ ’ਤੇ ਬੰਦ ਕਰਵਾਇਆ ਗਿਆ ਸੀ, ਜਿਸ ਦਾ ਸਥਾਨਕ ਨਿਵਾਸੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ।
ਵੀਰਵਾਰ ਨੂੰ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਗੇਟ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ ਸੀ। ਇਸ ਧਰਨੇ ਦੀ ਕਵਰੇਜ ਪ੍ਰਮੁੱਖਤਾ ਨਾਲ ਪੀਟੀਸੀ ਨਿਊਜ਼ ਵੱਲੋਂ ਵੀ ਕੀਤੀ ਗਈ। ਧਰਨੇ ਤੋਂ ਅਗਲੇ ਹੀ ਦਿਨ ਸ਼ੁੱਕਰਵਾਰ ਨੂੰ ਪ੍ਰਸ਼ਾਸਨ ਵੱਲੋਂ ਜੇਸੀਬੀ ਮਸ਼ੀਨ ਦੀ ਮਦਦ ਨਾਲ ਕੰਧ ਤੋੜ ਕੇ ਗੇਟ ਖੋਲ੍ਹ ਦਿੱਤਾ ਗਿਆ। ਹੁਣ ਇਸ ਰਸਤੇ ਰਾਹੀਂ ਐਂਬੂਲੈਂਸਾਂ ਦੀ ਆਵਾਜਾਈ ਵੀ ਸ਼ੁਰੂ ਹੋ ਗਈ ਹੈ।
ਹਾਲਾਂਕਿ ਇਸ ਮਾਮਲੇ ਵਿੱਚ ਸਵਾਲ ਇਹ ਵੀ ਉੱਠ ਰਿਹਾ ਹੈ ਕਿ ਲੋਕਾਂ ਅਤੇ ਮਰੀਜ਼ਾਂ ਦੀ ਸਹੂਲਤ ਲਈ ਬਣੇ ਇਸ ਗੇਟ ਨੂੰ ਬੰਦ ਕਰਨ ਦੀ ਲੋੜ ਕਿਉਂ ਪਈ ਸੀ ਅਤੇ ਵਿਧਾਇਕ ਦੇਵ ਮਾਨ ਵੱਲੋਂ ਇਸ ਸਬੰਧੀ ਹੁਣ ਤੱਕ ਕੋਈ ਸਪੱਸ਼ਟੀਕਰਨ ਕਿਉਂ ਨਹੀਂ ਦਿੱਤਾ ਗਿਆ।
ਗੇਟ ਖੁੱਲ੍ਹਣ ਤੋਂ ਬਾਅਦ ਸਥਾਨਕ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਕਿਹਾ ਕਿ ਧਰਨੇ ਤੋਂ ਬਾਅਦ ਆਖ਼ਰਕਾਰ ਪ੍ਰਸ਼ਾਸਨ ਦੀ ਨੀਂਦ ਖੁੱਲ੍ਹੀ ਹੈ ਅਤੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਹੁਣ ਮਰੀਜ਼ ਇਸ ਰਸਤੇ ਰਾਹੀਂ ਆਸਾਨੀ ਨਾਲ ਹਸਪਤਾਲ ਪਹੁੰਚ ਕੇ ਆਪਣਾ ਇਲਾਜ ਕਰਵਾ ਸਕਣਗੇ। ਇਸ ਦੇ ਨਾਲ ਹੀ ਐਂਬੂਲੈਂਸਾਂ ਲਈ ਵੀ ਰਸਤਾ ਸਾਫ਼ ਹੋ ਗਿਆ ਹੈ, ਜਿਸ ਦਾ ਸਿੱਧਾ ਫਾਇਦਾ ਲੋੜਵੰਦ ਅਤੇ ਗੰਭੀਰ ਮਰੀਜ਼ਾਂ ਨੂੰ ਮਿਲੇਗਾ।
ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਗੇਟ ਨੂੰ 24 ਘੰਟੇ ਖੁੱਲ੍ਹਾ ਰੱਖਿਆ ਜਾਵੇ ਅਤੇ ਇਸ ਦੀ ਸੁਰੱਖਿਆ ਲਈ ਸਿਕਿਉਰਿਟੀ ਗਾਰਡ ਦੀ ਪੱਕੀ ਤਾਇਨਾਤੀ ਕੀਤੀ ਜਾਵੇ।
ਇਸ ਸਬੰਧੀ ਨਵੇਂ ਖੁੱਲ੍ਹੇ ਰਸਤੇ ਰਾਹੀਂ ਐਂਬੂਲੈਂਸ ਲੈ ਕੇ ਜਾ ਰਹੇ ਡਰਾਈਵਰ ਨੇ ਕਿਹਾ ਕਿ ਗੇਟ ਖੁੱਲ੍ਹਣ ਨਾਲ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ। ਪਹਿਲਾਂ ਬਾਜ਼ਾਰ ਵਿੱਚ ਟ੍ਰੈਫਿਕ ਜਾਮ ਕਾਰਨ ਐਂਬੂਲੈਂਸਾਂ ਅਕਸਰ ਫਸ ਜਾਂਦੀਆਂ ਸਨ, ਜਿਸ ਦਾ ਸਿੱਧਾ ਨੁਕਸਾਨ ਮਰੀਜ਼ਾਂ ਨੂੰ ਝੱਲਣਾ ਪੈਂਦਾ ਸੀ। ਹੁਣ ਇਸ ਰਸਤੇ ਦੇ ਖੁੱਲ੍ਹਣ ਨਾਲ ਮਰੀਜ਼ਾਂ ਨੂੰ ਸਮੇਂ ਸਿਰ ਹਸਪਤਾਲ ਪਹੁੰਚਾਉਣਾ ਆਸਾਨ ਹੋਵੇਗਾ।
ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਰਸਤੇ ਨੂੰ ਦੇਰ ਰਾਤ ਤੱਕ ਖੁੱਲ੍ਹਾ ਰੱਖਿਆ ਜਾਵੇ, ਤਾਂ ਜੋ ਬਾਜ਼ਾਰ ਵਿੱਚ ਟ੍ਰੈਫਿਕ ਦੀ ਸਮੱਸਿਆ ਕਾਰਨ ਐਂਬੂਲੈਂਸਾਂ ਨੂੰ ਮੁੜ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
