ਰਾਜਪੁਰਾ, 17 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ) : – ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਇੰਡਸਟਰੀਅਲ ਫੋਕਲ ਪੁਆਇੰਟ ਰਾਜਪੁਰਾ ਵਿਖੇ ਹੋਣ ਵਾਲੇ ਕਰੀਬ 440 ਲੱਖ ਰੁਪਏ ਦੇ ਵਿਕਾਸ ਕਾਰਜ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਕਿਸੇ ਵੀ ਖੇਤਰ ਦੇ ਵਿਕਾਸ ਲਈ ਉਥੇ ਇੰਡਸਟਰੀ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਰਾਜਪੁਰਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਗਾਤਾਰ ਵਿਕਾਸ ਲਈ ਗਰਾਂਟਾਂ ਜਾਰੀ ਕਰਕੇ ਜਿਥੇ ਇਸ ਸ਼ਹਿਰ ਦੇ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਹੈ ਉਥੇ ਹੀ ਇੰਡਸਟਰੀ ਨੂੰ ਪ੍ਰਫੂਲਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।
ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਰਾਜਪੁਰਾ ਦੇ ਇੰਡਸਟਰੀਅਲ ਫੋਕਲ ਪੁਆਇੰਟ ਵਿਖੇ 238 ਲੱਖ ਰੁਪਏ ਦੀ ਲਾਗਤ ਨਾਲ ਚਾਰ ਏਕੜ ਵਿਚ ਵਪਾਰਕ ਸਥਾਨਾਂ ਦੀ ਉਸਾਰੀ ਕੀਤੀ ਜਾਵੇਗੀ ਜਿਸ ਵਿੱਚ 39 ਸੋਅ ਰੂਮ ਅਤੇ 72 ਬੂਥ ਬਣਾਏ ਜਾਣਗੇ ਤਾਂ ਜੋ ਫੋਕਲ ਪੁਆਇੰਟ ਨੂੰ ਹੋਰ ਵਿਕਸਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਪਾਰਕ ਸਥਾਨਾਂ ਦੇ ਵਿਕਾਸ ਕਰਨ ਦੇ ਨਾਲ-ਨਾਲ ਇਸ ਖੇਤਰ ਦੇ ਸੁੰਦਰੀਕਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਜਿਸ ਤਹਿ ਕਰੀਬ 73 ਲੱਖ ਰੁਪਏ ਦੀ ਲਾਗਤ ਨਾਲ ਫੋਕਲ ਪੁਆਇੰਟ ਵਿਚ ਪਾਰਕ ਵਿਕਸਤ ਕੀਤੇ ਜਾਣਗੇ।
ਲੋਕ ਸਭਾ ਮੈਂਬਰ ਨੇ ਕਿਹਾ ਕਿ 25 ਲੱਖ ਰੁਪਏ ਖਰਚ ਕਰਕੇ ਫੋਕਲ ਪੁਆਇੰਟ ਦੀਆਂ ਸੜਕਾਂ ਅਤੇ ਬਰਮਾਂ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਲਗਦੇ ਖੇਤਰਾਂ ਦੇ ਵਿਕਾਸ ਲਈ ਵੀ ਕਰੀਬ 99 ਲੱਖ ਖਰਚ ਕਰਕੇ ਪਾਰਕ ਅਤੇ ਓਪਨ ਜਿੰਮ ਬਣਾਇਆ ਜਾਵੇਗਾ।
ਇਸ ਮੌਕੇ ਹਲਕਾ ਰਾਜਪੁਰਾ ਦੇ ਵਿਧਾਇਕ ਸ. ਹਰਦਿਆਲ ਸਿੰਘ ਕੰਬੋਜ ਨੇ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਹਮੇਸ਼ਾ ਹੀ ਰਾਜਪੁਰਾ ਦੇ ਵਿਕਾਸ ਦੇ ਕੰਮਾਂ ਨੂੰ ਤਰਜੀਹ ਦੇਕੇ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਰਾਜਪੁਰਾ ਸ਼ਹਿਰ ਦੀ ਵਪਾਰਕ ਪੱਖੋਂ ਬਹੁਤ ਮਹੱਤਤਾ ਹੈ ਕਿਉਕਿ ਇਸ ਸ਼ਹਿਰ ਵਿਚੋਂ ਦੋ ਨੈਸ਼ਨਲ ਹਾਈਵੇਅ ਲੰਘਦੇ ਹੋਣ ਕਾਰਨ ਅਤੇ ਪੰਜਾਬ ‘ਚ ਦਾਖਲ ਹੁੰਦਿਆ ਪਹਿਲਾਂ ਸ਼ਹਿਰ ਹੋਣ ਕਾਰਨ ਇਹ ਇੰਡਸਟਰੀ ਹੱਬ ਵਜੋਂ ਉਭਰਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਫੋਕਲ ਪੁਆਇੰਟ ਦੀਆਂ ਸੜਕਾਂ ਦਾ ਇਕ ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਸੀ।
ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ, ਸ੍ਰੀਮਤੀ ਗੁਰਮੀਤ ਕੌਰ, ਕਾਂਗਰਸ ਦੇ ਦਿਹਾਤੀ ਪ੍ਰਧਾਨ ਸ. ਗੁਰਦੀਪ ਸਿੰਘ ਊਂਟਸਰ, ਜ਼ਿਲ੍ਹਾ ਕਾਂਗਰਸ ਯੂਥ ਪ੍ਰਧਾਨ ਸ. ਨਿਰਭੈ ਸਿੰਘ ਮਿਲਟੀ, ਸ੍ਰੀ ਗਗਨਦੀਪ ਸਿੰਘ ਜੌਲੀ ਜਲਾਲਪੁਰ, ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਸ੍ਰੀ ਨਰਿੰਦਰ ਸ਼ਾਸਤਰੀ, ਸ੍ਰੀ ਭੁਪਿੰਦਰ ਸੈਣੀ, ਸ੍ਰੀ ਦੀਪਕ ਸ਼ਾਹੀ, ਸ੍ਰੀ ਰਵੀ ਕੁਮਾਰ, ਸ੍ਰੀ ਨੀਤਿਨ ਕੰਵਲ ਅਤੇ ਸ੍ਰੀਮਤੀ ਜਤਿੰਦਰ ਕੌਰ ਸਮੇਤ ਫੋਕਲ ਪੁਆਇੰਟ ਐਸੋਸੀਏਸ਼ਨ ਦੇ ਨੁਮਾਇੰਦੇ, ਵੱਡੀ ਗਿਣਤੀ ਵਪਾਰੀ ਅਤੇ ਆਲੇ-ਦੁਆਲੇ ਕਲੌਨੀਆਂ ਦੇ ਵਸਨੀਕ ਵੀ ਮੌਜੂਦ ਸਨ।