ਪਟਿਆਲਾ, 20 ਅਕਤੂਬਰ:(ਪ੍ਰੈਸ ਕੀ ਤਾਕਤ ਬਿਊਰੋ)
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਤੇ ਖਾਦ ਡੀਲਰਾਂ ਨਾਲ ਬੈਠਕ ਕਰਕੇ ਕਣਕ ਦੀ ਬਿਜਾਈ ਲਈ ਲੋੜੀਂਦੀ ਮਾਤਰਾ ‘ਚ ਡੀ.ਏ.ਪੀ. ਦੀ ਉਪਲਬੱਧਤਾ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ।
ਖਾਦ ਦੀਆਂ ਏਜੰਸੀਆਂ ਦੇ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਕੋਈ ਹੋਰ ਵਾਧੂ ਸਮਾਨ ਜਾਂ ਦਵਾਈਆਂ ਤੇ ਖਾਦ ਆਦਿ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 45000 ਮੀਟ੍ਰਿਕ ਟਨ ਡੀ.ਏ.ਪੀ. ਦੀ ਮੰਗ ਹੈ ਤੇ ਹੁਣ ਤੱਕ ਜ਼ਿਲ੍ਹੇ ਵਿੱਚ 23500 ਮੀਟ੍ਰਿਕ ਟਨ ਡੀ.ਏ.ਪੀ. ਪੁੱਜ ਚੁੱਕਾ ਹੈ। ਇਸ ਤੋਂ ਬਿਨ੍ਹਾਂ ਹੋਰ ਸਪਲਾਈ ਵੀ ਪੁੱਜ ਰਹੀ ਹੈ, ਜਿਸ ਵਿੱਚੋਂ 80 ਫੀਸਦੀ ਸਹਿਕਾਰੀ ਸਭਾਵਾਂ ਕੋਲ ਜਾਵੇਗਾ ਅਤੇ 20 ਫੀਸਦੀ ਪ੍ਰਾਈਵੇਟ ਡੀਲਰਾਂ ਨੂੰ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੀ.ਏ.ਪੀ. ਖਾਦ ਬਾਰੇ ਖੇਤੀਬਾੜੀ ਵਿਭਾਗ ਵਿੱਚ ਇੱਕ ਕੰਟਰੋਲ ਰੂਮ ਵੀ ਸਥਾਪਤ ਕੀਤਾ ਗਿਆ ਹੈ, ਜਿਸ ਦਾ ਇੰਚਾਰਜ ਏ.ਡੀ.ਓ. ਇਨਫੋਰਸਮੈਂਟ, ਅਮਨਦੀਪ ਸਿੰਘ ਨੂੰ ਲਗਾਇਆ ਗਿਆ ਹੈ, ਉਨ੍ਹਾਂ ਦੇ ਨੰਬਰ 9915011416 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਖੇਤੀਬਾੜੀ ਮਾਹਰਾਂ ਦੀ ਸਲਾਹ ਮੁਤਾਬਕ ਹੀ ਡੀ.ਏ.ਪੀ. ਦੀ ਵਰਤੋਂ ਕਰਨ ਤੇ ਵਾਧੂ ਡੀ.ਏ.ਪੀ. ਨਾ ਵਰਤਣ।
ਇਸ ਮੌਕੇ ਐਸ.ਪੀ ਹਰਵੰਤ ਕੌਰ, ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸਰਬੇਸ਼ਵਰ ਸਿੰਘ ਮੋਹੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਤੇ ਮਾਰਕਫੈਡ ਦੇ ਡੀ.ਐਮ. ਸਮੇਤ ਖਾਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ।