ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਭਲਕੇ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਣ ਦੀ ਸੰਭਾਵਨਾ ਹੈ। ‘ਆਪ’ ਨੇ ਦੋਸ਼ ਲਾਇਆ ਹੈ ਕਿ ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਯੋਜਨਾ ਬਣਾਈ ਹੈ ਅਤੇ ਕੇਜਰੀਵਾਲ ਪਹਿਲੇ ਆਗੂ ਹੋਣਗੇ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ 2014 ਤੋਂ ਬਾਅਦ ਜਾਂਚ ਏਜੰਸੀ ਵੱਲੋਂ ਦਰਜ ਕੀਤੇ ਗਏ 95 ਫ਼ੀਸਦੀ ਕੇਸ ਵਿਰੋਧੀ ਧਿਰਾਂ ਦੇ ਆਗੂਆਂ ਖ਼ਿਲਾਫ਼ ਹਨ। ਉਨ੍ਹਾਂ ਕਿਹਾ,‘‘ਸਾਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਜਪਾ ਨੇ ‘ਇੰਡੀਆ’ ਗੱਠਜੋੜ ਦੇ ਸਿਖਰਲੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਤਿਆਰ ਕੀਤੀ ਹੈ। ਯੋਜਨਾ ਤਹਤਿ ਪਹਿਲੀ ਗ੍ਰਿਫ਼ਤਾਰੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਹੋਵੇਗੀ।’’ ਚੱਢਾ ਨੇ ਉਨ੍ਹਾਂ ਆਗੂਆਂ ਦੀ ਸੂਚੀ ਵੀ ਸਾਂਝੀ ਕੀਤੀ ਹੈ ਜਿਨ੍ਹਾਂ ਨੂੰ ਜਾਂਚ ਏਜੰਸੀਆਂ ਵੱਲੋਂ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਸੂਚੀ ’ਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੇ ਨਾਮ ਸ਼ਾਮਲ ਹਨ।