ਸਮਾਣਾ, 15 ਸਤੰਬਰ :
ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹੁਸ਼ਿਆਰਪੁਰ ਵਿਚ ਬੇਰਹਿਮੀ ਨਾਲ ਕਤਲ ਕੀਤੇ ਗਏ 5 ਸਾਲਾ ਮਾਸੂਮ ਹਰਬੀਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅਪਣੀ ਸੰਵੇਦਨਾ ਦਾ ਇਜ਼ਹਾਰ ਕਰਦਿਆਂ ਬੱਚੇ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਅਣਮਨੁੱਖੀ ਘਟਨਾ ਦੀ ਸਖ਼ਤ ਨਿੰਦਾ ਕਰਦੀ ਹੈ ਅਤੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ।
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜ ਲਈ ਕਲੰਕ ਹਨ ਅਤੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਸੁਰੱਖਿਆ ਅਤੇ ਨਿਆਂ ਦੀ ਗਰੰਟੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਵਿਧਾਇਕ ਜੌੜਾਮਾਜਰਾ ਨੇ ਕਿਹਾ ਕਿ ਇਹ ਘਟਨਾ ਨਾ ਸਿਰਫ਼ ਹਰਬੀਰ ਸਿੰਘ ਦੇ ਪਰਿਵਾਰ ਲਈ ਸਗੋਂ ਪੂਰੇ ਸਮਾਜ ਲਈ ਇੱਕ ਵੱਡਾ ਸਦਮਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਹੁਸ਼ਿਆਰਪੁਰ ਦਾ ਪ੍ਰਸ਼ਾਸਨ ਅਤੇ ਪੁਲਿਸ ਮਾਮਲੇ ਦੇ ਹਰ ਪਹਿਲੂ ਤੋਂ ਜਾਂਚ ਕਰਕੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਦਾ ਕੰਮ ਕਰ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਨੂੰਨ ਤਹਿਤ ਸਖ਼ਤ ਸਜ਼ਾ ਮਿਲੇ।