ਨੌਜਵਾਨਾ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਦੀ ਲੋੜ : ਏ.ਡੀ.ਸੀ.
ਕਿਹਾ, ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸੈਮੀਨਾਰ ਕਰਵਾਉਣ
ਪਟਿਆਲਾ, 27 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਵਧੀਕ ਡਿਪਟੀ ਕਮਿਸ਼ਨਰ (ਜ) ਜਗਜੀਤ ਸਿੰਘ ਨੇ ਜ਼ਿਲ੍ਹੇ ’ਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਡੀ.ਐਸ.ਪੀ. ਸੁਖਅੰਮ੍ਰਿਤ ਸਿੰਘ ਰੰਧਾਵਾ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ। ਇਸ ਲਈ ਜ਼ਿਲ੍ਹੇ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਏ ਜਾਣ ਅਤੇ ਵਿਦਿਆਰਥੀਆਂ ਦੇ ਪੋਸਟਰ ਤੇ ਪੇਂਟਿੰਗ ਆਦਿ ਮੁਕਾਬਲੇ ਵੀ ਕਰਵਾਏ ਜਾਣ।
ਉਨ੍ਹਾਂ ਕਿਹਾ ਕਿ ਨਸ਼ਾ-ਛੁੜਾਉ ਕੇਂਦਰਾਂ ਵੱਲੋਂ ਮਰੀਜ਼ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੀ ਵੀ ਕਾਊਂਸਲਿੰਗ ਕੀਤੀ ਜਾਵੇ ਤਾਂ ਜੋ ਉਹ ਮਰੀਜ਼ ਤੋਂ ਨਫ਼ਰਤ ਕਰਨ ਦੀ ਥਾਂ ਆਪਣਾ ਸਹਿਯੋਗ ਦੇ ਕੇ ਉਸ ਨੂੰ ਇਸ ਭਿਆਨਕ ਜਾਨਲੇਵਾ ਬਿਮਾਰੀ ਤੋਂ ਬਾਹਰ ਆਉਣ ਵਿਚ ਮਦਦ ਕਰ ਸਕਣ। ਉਨ੍ਹਾਂ ਨਸ਼ਾ-ਛੁੜਾਉ ਕੇਂਦਰਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਕਿਹਾ ਕਿ ਨਸ਼ਿਆਂ ਨੂੰ ਛੱਡ ਸਮਾਜ ਦੀ ਮੁੱਖ ਧਾਰਾ ਵਿੱਚ ਆਏ ਨੌਜਵਾਨਾਂ ਦੀ ਆਪ ਬੀਤੀਆਂ ਵੀ ਨਸ਼ੇ ਦੀ ਦਲਦਲ ਵਿੱਚ ਫਸੇ ਨੌਜਵਾਨਾਂ ਨਾਲ ਸਾਂਝੀ ਕੀਤੀਆਂ ਜਾਣ, ਤਾਂ ਜੋ ਨਸ਼ਿਆਂ ਨਾਲ ਲੜ ਰਹੇ ਨੌਜਵਾਨਾ ਨੂੰ ਪ੍ਰੇਰਨਾ ਮਿਲ ਸਕੇ। ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਨਸ਼ਾ ਵਿਰੁੱਧ ਮੁਹਿੰਮ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਇਸ ਅਲਾਮਤ ਦਾ ਜੜ ਤੋਂ ਖ਼ਾਤਮਾ ਹੋ ਸਕੇ।

