ਕੌਮੀ ਰਾਜਧਾਨੀ ਵਿੱਚ ਹਲਕੇ ਮੀਂਹ ਨਾਲ ਜਿੱਥੇ ਹਵਾ ਪ੍ਰਦੂਸ਼ਣ ਵਿੱਚ ਮਾਮੂਲੀ ਸੁਧਾਰ ਹੋਇਆ, ਉਥੇ ਹੀ ਠੰਢ ਵਧ ਗਈ ਹੈ। ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦਿੱਲੀ ’ਚ 7 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਸਵੇਰੇ ਹਲਕੀ ਧੁੰਦ ਛਾਈ ਰਹੀ ਅਤੇ ਤਾਪਮਾਨ 14.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਚਾਰ ਡਿਗਰੀ ਵੱਧ ਹੈ। ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਮੰਗਲਵਾਰ ਸਵੇਰੇ ਮੀਂਹ ਮਗਰੋਂ ਹਵਾ ਦੀ ਗੁਣਵੱਤਾ ਦਾ ਸੂਚਕ ਅੰਕ (ਏਕਿਊਆਈ) 365 ਰਿਹਾ, ਜੋ ਕੱਲ੍ਹ ਸ਼ਾਮ ਚਾਰ ਵਜੇ 395 ਦਰਜ ਕੀਤਾ ਗਿਆ ਸੀ। ਰੋਜ਼ਾਨਾ ਸ਼ਾਮ ਚਾਰ ਵਜੇ ਦਰਜ ਕੀਤਾ ਗਿਆ ਏਕਿਊਆਈ ਐਤਵਾਰ ਨੂੰ 395, ਸ਼ਨਿਚਰਵਾਰ ਨੂੰ 389 ਅਤੇ ਸ਼ੁੱਕਰਵਾਰ ਨੂੰ 415 ਸੀ, ਜਿਸ ’ਚ ਹੁਣ ਮੀਂਹ ਤੋਂ ਬਾਅਦ ਥੋੜ੍ਹੀ ਗਿਰਾਵਟ ਆਈ ਹੈ।
ਭਾਰਤੀ ਮੌਸਮ ਵਿਗਿਆਨ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਵਾ ਦੀ ਰਫ਼ਤਾਰ 20 ਕਿਲੋਮੀਟਰ ਪ੍ਰਤੀ ਘੰਟਾ ਹੋ ਗਈ ਤੇ ਇਸ ਨਾਲ ਪ੍ਰਦੂਸ਼ਕ ਤੱਤਾਂ ਨੂੰ ਖਿਲਾਰਨ ਵਿੱਚ ਮਦਦ ਮਿਲੀ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਤੋਂ ਬਾਅਦ ਦਿੱਲੀ ਵਿੱਚ ’ਚ ਠੰਢ ਹੋਰ ਵਧੇਗੀ ਅਤੇ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਸਕਦਾ ਹੈ।
ਮੌਸਮ ਵਿਭਾਗ ਦੇ ਅਨੁਸਾਰ ਅੱਜ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ, ਜਦੋਂ ਕਿ ਘੱਟੋ-ਘੱਟ ਤਾਪਮਾਨ 14.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਸੀਜ਼ਨ ਦੇ ਔਸਤ ਤੋਂ ਚਾਰ ਡਿਗਰੀ ਵੱਧ ਹੈ। ਦਿਨ ਵੇਲੇ ਆਮ ਤੌਰ ’ਤੇ ਬੱਦਲ ਛਾਏ ਰਹੇ। ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਸੈਲਸੀਅਸ ਦੇ ਆਸਪਾਸ ਸੀ। ਦਿੱਲੀ-ਐਨਸੀਆਰ ਵਿੱਚ ਕੱਲ੍ਹ ਇੱਕ ਘੰਟੇ ਪਏ ਮੀਂਹ ਨਾਲ ਪ੍ਰਦੂਸ਼ਣ ਵਿੱਚ ਸੁਧਾਰ ਹੋਣਾ ਸ਼ੁਰੂ ਹੋ ਗਿਆ ਹੈ।
ਦੂਜੇ ਪਾਸੇ ਦਿੱਲੀ ਦੇ ਵਾਤਾਵਰਨ ਮੰਤਰੀ ਗੋਪਾਲ ਰਾਏ ਨੇ ਸਬੰਧਤ ਏਜੰਸੀਆਂ ਅਤੇ ਵਿਭਾਗਾਂ ਨੂੰ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ’ਤੇ ਸਖ਼ਤੀ ਨਾਲ ਪਾਬੰਦੀ ਲਾਉਣ ਅਤੇ ਬਾਇਓਮਾਸ ਸਾੜਨ ਦੀਆਂ ਵੱਧ ਰਹੀਆਂ ਘਟਨਾਵਾਂ ਰੋਕਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਗੋਪਾਲ ਰਾਏ ਨੇ ਲੋਕਾਂ ਨੂੰ ਪ੍ਰਦੂਸ਼ਣ ਫੈਲਾਉਣ ਵਾਲੇ ਸਰੋਤਾਂ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ।
ਇਸ ਦੌਰਾਨ ਕੇਂਦਰ ਨੇ ਮੰਗਲਵਾਰ ਨੂੰ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਤੋਂ ਬਾਅਦ ਪੂਰੇ ਐਨਸੀਆਰ ਵਿੱਚ ਜੀਆਰਏਪੀ ਦੇ ਪੜਾਅ-3 ਤਹਿਤ ਪਾਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਦਿੱਲੀ-ਐਨਸੀਆਰ ਦੀ ਸਮੁੱਚੀ ਹਵਾ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਹਵਾ ਗੁਣਵੱਤਾ ਪ੍ਰਬੰਧਨ ਲਈ ਕਮਿਸ਼ਨ (ਸੀਏਕਿਊਐਮ) ਨੇ ਅੱਜ ਇਕ ਮੀਟਿੰਗ ਕੀਤੀ, ਜਿਸ ਵਿੱਚ ਪਾਬੰਦੀਆਂ ਹਟਾਉਣ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ।