ਪਟਿਆਲਾ,,01-05-2023(ਪ੍ਰੈਸ ਕੀ ਤਾਕਤ)-ਮੌਜੂਦਾ ਹਾੜੀ ਦੇ ਸੀਜ਼ਨ ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ 108 ਮੰਡੀਆਂ ਵਿੱਚ ਕੱਲ ਤੱਕ 8 ਲੱਖ 75 ਹਜ਼ਾਰ 611 ਮੀਟਰਿਕ ਟਨ ਕਣਕ ਪੁੱਜੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੰਡੀਆਂ ‘ਚ ਹੁਣ ਤੱਕ ਪੁੱਜੀ ਸਾਰੀ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਤੇ ਕਿਸਾਨਾਂ ਨੂੰ 1828.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਇਸ ਕਣਕ ਵਿੱਚੋਂ ਹੁਣ ਤੱਕ ਪਨਗਰੇਨ ਵੱਲੋਂ 289374 ਮੀਟਰਿਕ, ਮਾਰਕਫੈਡ ਵੱਲੋਂ 212007 ਮੀਟਰਿਕ ਟਨ, ਪਨਸਪ ਵੱਲੋਂ 195615 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 155845 ਮੀਟਰਿਕ ਟਨ ਅਤੇ ਵਾਪਰੀਆਂ ਵੱਲੋਂ 22770 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਦਾ ਕੰਮ ਵੀ ਤੇਜ਼ੀ ਨਾਲ ਜਾਰੀ ਹੈ ਤੇ ਹੁਣ ਤੱਕ 65 ਫ਼ੀਸਦੀ ਤੋਂ ਵਧੇਰੇ ਕਣਕ ਦੀ ਲਿਫ਼ਟਿੰਗ ਵੀ ਕੀਤੀ ਜਾ ਚੁੱਕੀ ਹੈ।
ਸਾਕਸ਼ੀ ਸਾਹਨੀ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫ਼ਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਖੇਤਾਂ ਦੀ ਉਪਜਾਊ ਸ਼ਕਤੀ ਵਧਾਉਣ ਲਈ ਰਹਿੰਦ ਖੂੰਹਦ ਨੂੰ ਖੇਤਾਂ ‘ਚ ਮਿਲਾਉਣ ਨੂੰ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਸਾਡੀ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਭਵਿੱਖ ਲਈ ਜ਼ਰੂਰੀ ਹੈ ਕਿ ਅਸੀ ਵਾਤਾਵਰਣ ਦੀ ਸ਼ੁੱਧਤਾ ਲਈ ਰਲਕੇ ਹੰਭਲਾ ਮਾਰੀਏ ਅਤੇ ਇਹ ਸਭ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ।