ਫ਼ਤਹਿਗੜ੍ਹ ਸਾਹਿਬ, 09 ਦਸੰਬਰ:
ਜਿ਼ਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 25 ਤੋਂ 27 ਦਸੰਬਰ ਤੱਕ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਮੌਕੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰੋਜ਼ਾ ਸ਼ਰੀਫ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਤੱਕ ਸੜਕ ਦੇ ਦੋਵੇਂ ਪਾਸੇ ਦੁਕਾਨਾਂ/ਸਟਾਲ ਲਗਾਉਣ ਅਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਮੋੜ ਤੋਂ ਚੁੰਗੀ ਨੰ: 4 ਤੱਕ ਸੜਕ ਦੇ ਆਲੇ ਦੁਆਲੇ ਸਥਿਤ ਦੁਕਾਨਦਾਰਾਂ ਵੱਲੋਂ ਆਪਣੀ ਦੁਕਾਨ ਅੱਗੇ ਆਰਜ਼ੀ ਤੌਰ ’ਤੇ ਦੁਕਾਨਾਂ/ਸਟਾਲ ਲਗਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਕੀਤੇ ਮਨਾਹੀਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਵੱਡੀ ਤਦਾਦ ਵਿੱਚ ਸ਼ਰਧਾਲੂ ਸਿ਼ਰਕਤ ਕਰਦੇ ਹਨ ਅਤੇ ਰੋਜ਼ਾ ਸ਼ਰੀਫ ਤੋਂ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੱਕ ਸੜਕ ਦੇ ਆਲੇ ਦੁਆਲੇ ਦੁਕਾਨਾਂ ਲਗਾਈਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਮੋੜ ਤੋਂ ਚੁੰਗੀ ਨੰਬਰ 4 ਤੱਕ ਦੀ ਸੜਕ ਦੇ ਆਲੇ ਦੁਆਲੇ ਸਥਿਤ ਦੁਕਾਨਦਾਰਾਂ ਵੱਲੋਂ ਆਪਣੀ ਦੁਕਾਨ ਦੇ ਅੱਗੇ ਆਰਜੀ ਦੁਕਾਨਾਂ ਲਗਾਉਣ ਲਈ ਜਗ੍ਹਾਂ ਕਿਰਾਏ ’ਤੇ ਦਿੱਤੀ ਜਾਂਦੀ ਹੈ ਜਿਸ ਨਾਲ ਆਵਾਜਾਈ ਵਿੱਚ ਮੁਸ਼ਕਲ ਆਉਂਦੀ ਹੈ ਅਤੇ ਅਜਿਹੀਆਂ ਦੁਕਾਨਾਂ ਲਗਾਉਣ ਨਾਲ ਕਈ ਤਰ੍ਹਾਂ ਦੇ ਹਾਦਸੇ ਹੋਣ ਦੀ ਸੰਭਾਵਨਾਂ ਵੀ ਬਣੀ ਰਹਿੰਦੀ ਹੈ। ਇਸ ਲਈ ਅਜਿਹੀਆਂ ਮੁਸ਼ਕਲਾਂ ਨੂੰ ਰੋਕਣ ਲਈ ਜਾਰੀ ਕੀਤੇ ਇਹ ਮਨਾਹੀਂ ਹੁਕਮ 31 ਦਸੰਬਰ, 2024 ਤੱਕ ਲਾਗੂ ਰਹਿਣਗੇ।