ਚੰਡੀਗੜ੍ਹ, 1 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੇਠਲੇ ਪੱਧਰ ਦੀ ਸਿਆਸਤ ਕਰਦਿਆਂ ਅੱਜ ਪੰਜਾਬ ਦੇ ਗੰਭੀਰ ਮੁੱਦਿਆਂ ਦਾ ਮਜ਼ਾਕ ਉਡਾਇਆ ਹੈ, ਜਿਸ ਲਈ ਪੰਜਾਬੀ ਕਦੇ ਵੀ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ।
ਸ੍ਰੀ ਜਾਖੜ ਨੇ ਕਿਹਾ ਕਿ ਐੱਸਵਾਈਐੱਲ ਦੇ ਮੁੱਦੇ ਨੂੰ ਭੁਲਾ ਕੇ ਮੁੱਖ ਮੰਤਰੀ ਨੇ ਨਾ ਕੇਵਲ ਪੰਜਾਬ ਨਾਲ ਧੋਖਾ ਕੀਤਾ ਹੈ, ਸਗੋਂ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਵੋਟ ਪਾ ਕੇ ਮੁੱਖ ਮੰਤਰੀ ਬਣਾਇਆ, ਉਨ੍ਹਾਂ ਦੇ ਵਿਸ਼ਵਾਸ ਨਾਲ ਵੀ ਧ੍ਰੋਹ ਕੀਤਾ ਹੈ। ਸਰਕਾਰ ਨੇ ਵਿਰੋਧੀ ਆਗੂਆਂ ਨੂੰ ਇਸ ਬਹਿਸ ਤੋਂ ਦੂਰ ਰੱਖਣ ਲਈ ਹਰ ਜਾਇਜ਼-ਨਾਜਾਇਜ਼ ਹਿੱਲਾ ਵਰਤਿਆ ਹੈ। ਸ੍ਰੀ ਜਾਖੜ ਨੇ ਕਿਹਾ ਕਿ ਇੱਥੇ ਕੋਈ ਪੰਜਾਬੀ ਨਹੀਂ ਬੋਲ ਰਿਹਾ ਸੀ, ਸਗੋਂ ਮੁੱਖ ਮੰਤਰੀ ਬੋਲ ਰਹੇ ਸਨ, ਜਿਨ੍ਹਾਂ ਨੇ ਪਹਿਲਾਂ ਚਰਚਾ ਲਈ ਸਭ ਨੂੰ ਸੱਦਾ ਦਿੱਤਾ ਪਰ ਬਾਅਦ ਵਿਚ ਬੂਹੇ ਬੰਦ ਕਰ ਲਏ। ਜਾਖੜ ਨੇ ਕਿਹਾ ਕਿ ਜਿੱਥੇ ਆਮ ਪੰਜਾਬੀਆਂ ਨੂੰ ਜਾਣ ਹੀ ਨਹੀਂ ਦਿੱਤਾ ਗਿਆ, ਉਸ ਸਮਾਗਮ ਦਾ ਕੀ ਮਹੱਤਵ ਰਹਿ ਗਿਆ। ਉਨ੍ਹਾਂ ਨੇ ਕਿਹਾ ਕਿ ਪੁਲੀਸ ਦੇ ਘੇਰੇ ਵਿਚ ਮੁੱਖ ਮੰਤਰੀ ਆਪਣੇ ਸਿਆਸੀ ਆਕਾ ਕੇਜਰੀਵਾਲ ਦੀ ਬੋਲੀ ਬੋਲ ਕੇ ਸਮਾਗਮ ਕਰ ਕੇ ਚਲੇ ਗਏ। ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਜਾਂ ਤਾਂ ਮੁਆਫ਼ੀ ਮੰਗਣ ਜਾਂ ਉਨ੍ਹਾਂ ਦੇ ਪਤਿਾ ਚੌਧਰੀ ਬਲਰਾਮ ਜਾਖੜ ਦੀ ਨਹਿਰ ਪੁੱਟਣ ਮੌਕੇ ਦੀ ਕੋਈ ਤਸਵੀਰ ਜਾਰੀ ਕਰਨ ਦੀ ਚੁਣੌਤੀ ਦਿੱਤੀ ਹੈ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਮੁਆਫ਼ੀ ਨਾ ਮੰਗੀ ਤਾਂ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਜਾਵੇਗਾ।