ਕਾਂਗਰਸ ਨੇ 2024 ਦੀਆਂ ਆਮ ਚੋਣਾਂ ਦੀ ਰਣਨੀਤੀ ਅਤੇ ਭਾਜਪਾ ਨੂੰ ਟੱਕਰ ਦੇਣ ਲਈ ਚੋਣ ਮੁਹਿੰਮ ਦੀ ਯੋਜਨਾ ਘੜਨ ਵਾਸਤੇ 21 ਦਸੰਬਰ ਨੂੰ ਆਪਣੀ ਵਰਕਿੰਗ ਕਮੇਟੀ (ਸੀਡਬਲਿਊਸੀ) ਦੀ ਮੀਟਿੰਗ ਬੁਲਾਈ ਹੈ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਸੂਤਰਾਂ ਨੇ ਦੱਸਿਆ ਕਿ ਇਹ ਮੀਟਿੰਗ ਆਲ ਇੰਡੀਆ ਕਾਂਗਰਸ ਕਮੇਟੀ ਦੇ ਹੈੱਡਕੁਆਰਟਰ ’ਤੇ ਹੋਵੇਗੀ। ਇਹ ਮੀਟਿੰਗ 19 ਦਸੰਬਰ ਨੂੰ ਵਿਰੋਧੀ ਗਠਜੋੋੜ ‘ਇੰਡੀਅਨ ਨੈਸ਼ਨਲ ਡਿਵੈੱਲਪਮੈਂਟਲ ਇਨਕਲੂਸਿਵ ਅਲਾਇੰਸ’ (ਇੰਡੀਆ) ਦੀ ਮੀਟਿੰਗ ਤੋਂ ਦੋ ਦਿਨ ਬਾਅਦ ਹੋਵੇਗੀ ਅਤੇ ਇਸ ਦੌਰਾਨ ਸੀਟਾਂ ਦੀ ਵੰਡ ਅਤੇ ਚੋਣ ਪ੍ਰਚਾਰ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਰਾਹੁਲ ਗਾਂਧੀ ਦੇ ਦੌਰੇ ਦੀ ਸੰਭਾਵਨਾ ’ਤੇ ਵੀ ਚਰਚਾ ਹੋ ਸਕਦੀ ਹੈ। ਰਾਹੁਲ 2024 ਦੀਆਂ ਚੋਣਾਂ ਤੋਂ ਪਹਿਲਾਂ ਬੇਰੁਜ਼ਗਾਰੀ ਅਤੇ ਮਹਿੰਗਾਈ ਨੂੰ ਮੁੱਖ ਮੁੱਦਾ ਬਣਾ ਕੇ ਯਾਤਰਾ ਕਰ ਸਕਦੇ ਹਨ।