ਚੰਡੀਗੜ੍ਹ, 26 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਬੁੱਧਵਾਰ ਨੂੰ ਪ੍ਰਸਿੱਧ ਅਤੇ ਮਹਾਨ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 70 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਪਤਨੀ, ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।
ਆਪਣੇ ਸ਼ੋਕ ਸੰਦੇਸ਼ ਵਿੱਚ ਅਨਮੋਲ ਗਗਨ ਮਾਨ ਨੇ ਕਿਹਾ ਕਿ ਸੁਰਿੰਦਰ ਛਿੰਦਾ ਇੱਕ ਬੇਮਿਸਾਲ ਗਾਇਕ ਸਨ ਜਿਨ੍ਹਾਂ ਨੇ ਆਪਣੀ ਬੁਲੰਦ ਆਵਾਜ਼ ਨਾਲ ਸੰਗੀਤ ਪ੍ਰੇਮੀਆਂ ਦੇ ਮਨਾਂ ਵਿੱਚ ਇੱਕ ਅਦੁੱਤੀ ਥਾਂ ਹਾਸਲ ਕੀਤੀ। ਉਹ ਆਪਣੇ ਸੁਰੀਲੇ ਤੇ ਸਦਾਬਹਾਰ ਗੀਤਾਂ ਰਾਹੀਂ ਆਪਣੇ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਹਮੇਸ਼ਾ ਵਸਦੇ ਰਹਿਣਗੇ। ਉਨ੍ਹਾਂ ਦੇ ਤੁਰ ਜਾਣ ਨਾਲ ਪੰਜਾਬੀ ਗਾਇਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ।
ਮੰਤਰੀ ਅਨਮੋਲ ਗਗਨ ਮਾਨ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁਖੀ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।
ਪੰਜਾਬੀ ਗਾਇਕ ਸੁਰਿੰਦਰ ਛਿੰਦਾ ਨੇ ਅੱਜ ਸਵੇਰੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਆਖਰੀ ਸਾਹ ਲਿਆ ਜਿੱਥੇ ਉਹ ਕੁਝ ਦਿਨਾਂ ਤੋਂ ਜ਼ੇਰੇ ਇਲਾਜ ਸਨ।