ਚੰਡੀਗੜ੍ਹ, 21 ਫਰਵਰੀ (ਓਜ਼ੀ ਨਿਊਜ਼ ਡੈਸਕ): ਸਰਕਾਰ ਨਾਲ ਗੱਲਬਾਤ ਵਾਰ-ਵਾਰ ਅਸਫਲ ਹੋਣ ਤੋਂ ਬਾਅਦ ਹੁਣ ਕਿਸਾਨ ਦਿੱਲੀ ਵੱਲ ਮਾਰਚ ਕਰਨ ਲਈ ਤਿਆਰ ਹਨ। ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਕਿਸਾਨ ਅੱਜ ਯਾਨੀ ਬੁੱਧਵਾਰ ਤੋਂ ਮੁੜ ਦਿੱਲੀ ਵੱਲ ਮਾਰਚ ਕਰਨਗੇ, ਕਿਉਂਕਿ ਸਰਕਾਰ ਨਾਲ ਗੱਲਬਾਤ ਦੀ ਸਮਾਂ ਸੀਮਾ ਖਤਮ ਹੋ ਗਈ ਹੈ। ਸਰਕਾਰ ਨਾਲ ਗੱਲਬਾਤ ਨਾਕਾਮ ਹੋਣ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸੋਮਵਾਰ ਨੂੰ ਹੀ ਇਸ ਦਾ ਐਲਾਨ ਕੀਤਾ ਸੀ। ਇਸ ਸਮੇਂ ਦਿੱਲੀ ਤੋਂ ਕਰੀਬ 200 ਕਿਲੋਮੀਟਰ ਦੂਰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਹਜ਼ਾਰਾਂ ਕਿਸਾਨ ਖੜ੍ਹੇ ਹਨ ਅਤੇ ਅੱਜ ਉਹ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਲਈ ਰਵਾਨਾ ਹੋਣਗੇ। ਹਾਲਾਂਕਿ ਪ੍ਰਸ਼ਾਸਨ ਇਨ੍ਹਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ। ਹਰਿਆਣਾ ਵਿੱਚ ਹੀ ਨਹੀਂ, ਦਿੱਲੀ ਦੀਆਂ ਹੱਦਾਂ ਵੀ ਛਾਉਣੀਆਂ ਵਿੱਚ ਬਦਲ ਗਈਆਂ ਹਨ। ਦਿੱਲੀ ਪੁਲਿਸ ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਹਰ ਪਾਸੇ ਚੌਕਸੀ ਰੱਖੀ ਹੋਈ ਹੈ। ਬੁੱਧਵਾਰ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ ਹੈ।

