ਕਿਹਾ, ਸਭਨਾਂ ਦੇ ਯਤਨਾਂ ਸਦਕਾ ਸਥਿਤੀ ਕਾਫ਼ੀ ਹੱਦ ਤਕ ਕਾਬੂ ਹੇਠ, ਮਹਾਂਮਾਰੀ ਫੈਲਣ ਦਾ ਕੋਈ ਖ਼ਦਸ਼ਾ ਨਹੀਂ
ਮੋਹਾਲੀ, 15 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਤ ਲੋਕਾਂ ਦੀ ਮਦਦ ਲਈ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੀਤੇ ਗਏ ਵਿਸ਼ੇਸ਼ ਇੰਤਜ਼ਾਮਾਂ ਅਤੇ ਦਿਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਸਿਹਤ ਮੰਤਰੀ ਨੇ ਸਥਾਨਕ ਬੀ.ਆਰ.ਅੰਬੇਦਕਰ ਮੈਡੀਕਲ ਕਾਲਜ ਵਿਖੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਡਾਕਟਰੀ ਸਹੂਲਤਾਂ ਦੇਣ ’ਚ ਹਰ ਸੰਭਵ ਯਤਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਸ ਵੇਲੇ ਪਹਿਲੀ ਤਰਜੀਹ ਹੜ੍ਹ ਪ੍ਰਭਾਵਤ ਲੋਕਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨਾ ਹੈ, ਜਿਸ ਲਈ ਮੁੱਖ ਮੰਤਰੀ ਦੇ ਨਾਲ-ਨਾਲ ਸਾਰੇ ਮੰਤਰੀ ਅਤੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਦਿਨ ਰਾਤ ਇਕ ਕਰ ਕੇ ਪ੍ਰਭਾਵਤ ਲੋਕਾਂ ਦੀ ਮਦਦ ਕਰ ਰਹੇ ਹਨ।
ਇਸ ਮੌਕੇ ਡਾ. ਬਲਬੀਰ ਸਿੰਘ ਨੇ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.), ਜ਼ਿਲ੍ਹੇ ਦੇ ਨਿੱਜੀ ਹਸਪਤਾਲਾਂ, ਗ਼ੈਰ-ਸਰਕਾਰੀ ਸੰਸਥਾਵਾਂ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਕੋਲੋਂ ਇਸ ਔਖੀ ਘੜੀ ’ਚ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਪਰ ਫਿਰ ਵੀ ਇਸ ਮੁਸ਼ਕਲ ਹਾਲਾਤ ਵਿਚ ਹਰ ਕਿਸੇ ਦਾ ਸਾਥ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਮੈਡੀਕਲ ਐਸੋਸੀਏਸ਼ਨ, ਨਿੱਜੀ ਹਸਪਤਾਲ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਮਰੀਜ਼ਾਂ ਦੀ ਜਾਂਚ, ਇਲਾਜ, ਐਂਬੂਲੈਂਸ ਸੇਵਾ, ਮੈਡੀਕਲ ਕੈਂਪ, ਦਵਾਈਆਂ ਤੇ ਰਾਸ਼ਨ ਦੀ ਵੰਡ ਆਦਿ ਜ਼ਰੀਏ ਮਦਦ ਕਰ ਕੇ ਪੀੜਤਾਂ ਦਾ ਦੁੱਖ ਸਾਂਝਾ ਕਰ ਸਕਦੇ ਹਨ।