ਨਵੀਂ ਦਿੱਲੀ, 21 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਸਰਕਾਰ ਮਨੀਪੁਰ ਦੀ ਘਟਨਾ ’ਤੇ ਚਰਚਾ ਲਈ ਤਿਆਰ ਹੈ, ਪਰ ਵਿਰੋਧੀ ਧਿਰ ਗੰਭੀਰ ਨਹੀਂ ਦਿਖਾਈ ਦੇ ਰਹੀ। ਲੋਕ ਸਭਾ ਵਿੱਚ ਮਨੀਪੁਰ ਦੇ ਵਿਸ਼ੇ ’ਤੇ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਸਰਕਾਰ ਦਾ ਪੱਖ ਰੱਖਦਿਆਂ ਰਾਜਨਾਥ ਨੇ ਇਹ ਵੀ ਕਿਹਾ ਕਿ ਕੁੱਝ ਸਿਆਸੀ ਪਾਰਟੀਆਂ ਅਜਿਹੀ ਸਥਿਤੀ ਪੈਦਾ ਕਰਨਾ ਚਾਹੁੰਦੀਆਂ ਹਨ ਕਿ ਸਦਨ ਵਿੱਚ ਮਨੀਪੁਰ ਦੇ ਵਿਸ਼ੇ ’ਤੇ ਚਰਚਾ ਨਾ ਹੋਵੇ। ਉਨ੍ਹਾਂ ਕਿਹਾ ਕਿ ਮਨੀਪੁਰ ਦੀ ਘਟਨਾ ਦੀ ਗੰਭੀਰਤਾ ਨੂੰ ਸਮਝਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਕਿਹਾ ਹੈ ਕਿ ਇਸ ਨਾਲ ਪੂਰਾ ਦੇਸ਼ ਸ਼ਰਮਸਾਰ ਹੋਇਆ ਹੈ ਅਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਨੀਪੁਰ ਵਿੱਚ ਦੋ ਔਰਤਾਂ ਦੀ ਨਗਨ ਪਰੇਡ ਕਰਵਾਉਣ ਸਬੰਧੀ ਘਟਨਾ ਦੀ ਵੀਡੀਓ ਸਾਹਮਣੇ ਆਉਣ ਮਗਰੋਂ ਵਿਰੋਧੀ ਧਿਰ ਮੰਗ ਕਰ ਰਹੀ ਹੈ ਕਿ ਇਸ ਮਾਮਲੇ ’ਤੇ ਪ੍ਰਧਾਨ ਮੰਤਰੀ ਮੋਦੀ ਸਦਨ ਵਿੱਚ ਬਿਆਨ ਦੇਣ ਅਤੇ ਚਰਚਾ ਕਰਵਾਈ ਜਾਵੇ। ਮਨੀਪੁਰ ਮਾਮਲੇ ’ਤੇ ਵਿਰੋਧੀ ਧਿਰ ਦੇ ਲਗਾਤਾਰ ਹੰਗਾਮੇ ਦਰਮਿਆਨ ਲੋਕ ਸਭਾ ਦਿਨ ਭਰ ਲਈ, ਜਦੋਂਕਿ ਰਾਜ ਸਭਾ ਢਾਈ ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।