ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਵੇ ਸਰਕਾਰ: ਖੰਨਾ
ਸੰਗਰੂਰ : ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਮੰਗ ਕੀਤੀ ਹੈ ਕਿ ਹੜ੍ਹ ਪੀੜ੍ਹਿਤ ਲੋਕਾਂ ਦੀ ਸਮੱਸਿਆ ਦੇ ਹੱਲ ਲਈ ਸਰਕਾਰ ਨੂੰ ਫੌਰੀ ਤੌਰ ਤੇ ਕਦਮ ਚੁੱਕਣੇ ਚਾਹੀਦੇ ਹਨ। ਅੱਜ ਸੰਗਰੂਰ ਜ਼ਿਲ੍ਹੇ ਦੇ ਬਲਾਕ ਮੂਨਕ ਲਹਿਰਾਗਾਗਾ ਦੇ ਪਿੰਡ ਫੂਲੜ ਅਤੇ ਮਕਰੌੜ ਸਾਹਿਬ ਦੇ ਨਜ਼ਦੀਕ ਘੱਗਰ ਦੇ ਪਾੜ ਤੋਂ ਬਾਅਦ ਹਾਲਤਾਂ ਦਾ ਜਾਇਜ਼ਾ ਲੈਣ ਉਪਰੰਤ ਸ਼੍ਰੀ ਖੰਨਾ ਨੇ ਕਿਹਾ ਕਿ ਇੰਨ੍ਹਾਂ ਪਿੰਡਾਂ ਵਿੱਚ 1000 ਏਕੜ ਦੇ ਕਰੀਬ ਫਸਲ ਖਰਾਬ ਹੋ ਚੁੱਕੀ ਹੈ।
ਉਨ੍ਹਾਂ ਮੰਗ ਕੀਤੀ ਕਿ ਇਲਾਕੇ ਦੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜਾ ਦੇਣ ਦੇ ਨਾਲ-ਨਾਲ ਸਰਕਾਰ ਨੂੰ ਬਾਕੀ ਹੜ੍ਹ ਪੀੜਿਤ ਲੋਕਾਂ ਦੀ ਭਲਾਈ ਲਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪਾੜ ਜਲਦੀ ਪੂਰ ਕੇ ਹੋਰ ਇਲਾਕੇ ਅਤੇ ਲੋਕਾਂ ਨੂੰ ਨੁਕਸਾਨ ਤੋਂ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਸਰਕਾਰ ਦਾ ਪਹਿਲਾ ਫਰਜ਼ ਹੁੰਦਾ ਹੈ। ਇਸ ਲਈ ਸਰਕਾਰ ਇਸ ਵੱਲ ਪਹਿਲ ਦੇ ਅਧਾਰ ਤੇ ਧਿਆਨ ਦੇਵੇ।