ਚੰਡੀਗੜ੍ਹ, 12 ਅਗਸਤ (ਪ੍ਰੈਸ ਕੀ ਤਾਕਤ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਕਰੜੇ ਹੱਥੀਂ ਲੈਂਦਿਆਂ ਉਹਨਾਂ ਤੋਂ ਭਰੋਸਾ ਮੰਗਿਆ ਕਿ ਸਰਕਾਰ ਦੇ ਤਜਵੀਜ਼ਸ਼ੁਦਾ ਕਾਨੂੰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਧਰਮੀ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਖਾਲਸਾ ਪੰਥ ਨੂੰ ਕੀਤੇ ਵਾਅਦੇ ਦੀ ਪੂਰਤੀ ਵਾਸਤੇ ਨਾਗਰਿਕਾਂ ਦੇ ਅਧਿਕਾਰ ਦੇ ਰਾਹ ਵਿਚ ਅੜਿਕਾ ਨਹੀਂ ਬਣਨਗੇ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਦੇ ਮਾਮਲੇ ’ਤੇ ਕੋਈ ਕਾਰਵਾਈ ਨਾ ਕਰਨ ਦੀ ਵੀ ਨਿਖੇਧੀ ਕੀਤੀ ਤੇ ਕਿਹਾ ਕਿ ਨਸ਼ਿਆਂ ਨਾਲ ਗ੍ਰਸਤ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਸ਼ਿਕਾਇਤਾਂ ਕੀਤੀਆਂ ਗਈਆਂ ਹਨ ਪਰ ਅਧਿਕਾਰੀਆਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਲੋਕ ਸਭਾ ਵਿਚ ਪੰਥਕ ਤੇ ਪੰਜਾਬ ਦੇ ਮਸਲਿਆਂ ’ਤੇ ਆਪਣਾ ਤਿੱਖਾ ਰੁੱਖ ਜਾਰੀ ਰੱਖਦਿਆਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲਨੇ ਕੇ਼ਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਉਦੋਂ ਵਿਚੋਂ ਟੋਕਿਆ ਜਦੋਂ ਉਹ ਨਾਗਰਿਕਾਂ ਦੇ ਅਧਿਕਾਰਾਂ ਬਾਰੇ ਤਜਵੀਜ਼ਸ਼ੁਦਾ ਨਵੇਂ ਕਾਨੂੰਨ ਬਾਰੇ ਬਿਆਨ ਦੇ ਰਹੇ ਸਨ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਪਸ਼ਟ ਬਿਆਨ ਚਾਹੁੰਦੇ ਸਨ ਕਿ ਇਹਕਾਨੂੰਨ ਜਿਹੜੇ ਪਹਿਲਾਂ ਹੀ ਉਮਰ ਕੈਦਾਂ ਪੂਰੀਆਂ ਕਰ ਕੇ ਜੇਲ੍ਹਾਂ ਵਿਚ ਸੜ ਰਹੇ ਹਨ, ਉਹਨਾਂ ਦੀ ਕਿਸਮਤ ਨੂੰ ਕਿਵੇਂ ਪ੍ਰਭਾਵਤ ਕਰੇਗਾ ਤੇ ਕੀ ਨਵੇਂ ਕਾਨੂੰਨ ਵਿਚ ’ਧਰਮੀ ਬੰਦੀ ਸਿੰਘਾਂ’ ਜਿਹਨਾਂ ਨੂੰ ਬੰਦੀ ਸਿੰਘ ਵੀ ਕਿਹਾ ਜਾਂਦਾ ਹੈ, ਦੀ ਰਿਹਾਈ ਵਾਸਤੇ ਕੋਈ ਵਿਵਸਥਾ ਹੈ।