ਸਮਾਣਾ, 2 ਅਗਸਤ:
ਸਮਾਣਾ ਹਲਕੇ ਦੇ ਪਿੰਡ ਫ਼ਤਹਿਗੜ੍ਹ ਛੰਨਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਸਾਂਝੇ ਤੌਰ ਉਤੇ ਰਾਊਂਡਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਬਣਾਇਆ ਗਿਆ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ ਅੱਜ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ।ਇਸ ਪ੍ਰਾਜੈਕਟ ਦਾ ਉਦਘਾਟਨ ਕਰਨ ਪੁੱਜੇ ਐਸ ਡੀ ਐਮ ਸਮਾਣਾ ਰਿਚਾ ਗੋਇਲ ਦੇ ਨਾਲ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਪੀ.ਏ. ਗੁਰਦੇਵ ਸਿੰਘ ਟਿਵਾਣਾ, ਬੀ.ਡੀ.ਪੀ.ਓ ਸਮਾਣਾ ਸੁਖਵਿੰਦਰ ਸਿੰਘ ਟਿਵਾਣਾ ਤੇ ਐਸ.ਡੀ.ਓ ਗੁਰਪ੍ਰੀਤ ਕੌਰ ਵੀ ਮੌਜੂਦ ਸਨ।
ਰਿਚਾ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਦੇਖ-ਰੇਖ ਹੇਠ ਇਹ ਪ੍ਰਾਜੈਕਟ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਠੋਸ ਕੂੜਾ ਪ੍ਰਬੰਧਨ ਨਾਲ ਪਿੰਡ ਸਾਫ਼ ਸੁਥਰਾ ਹੋ ਸਕੇਗਾ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਰਾਹਤ ਮਿਲੇਗੀ।
ਗੁਰਦੇਵ ਸਿੰਘ ਟਿਵਾਣਾ ਨੇ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਵਿਸ਼ੇਸ਼ ਯੋਜਨਾ ਉਲੀਕੀ ਹੈ, ਜਿਸ ਤਹਿਤ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੀ ਦੇਖ-ਰੇਖ ਹੇਠ ਸਮਾਣਾਂ ਹਲਕੇ ਦੇ ਸਾਰੇ ਪਿੰਡਾਂ ਦਾ ਚਹੁੰਪੱਖੀ ਵਿਕਾਸ ਤੇਜੀ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਦੌਰਾਨ ਇਸ ਪ੍ਰੋਜੈਕਟ ਨੂੰ ਚਲਾਉਣ ਲਈ ਰਾਊਂਡਗਲਾਸ ਫਾਊਂਡੇਸ਼ਨ ਵੱਲੋਂ ਰੇਹੜੀ, ਡਸਟਬਿਨ, ਮੈਡੀਕਲ ਕਿਟ ਅਤੇ ਹੋਰ ਲੋੜੀਂਦਾ ਸਮਾਨ ਆਪਣੇ ਵੱਲੋਂ ਦਿੱਤਾ ਗਿਆ। ਇਸ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਅਤੇ ਸਕੂਲੀ ਬੱਚਿਆਂ ਨੂੰ ਠੋਸ ਅਤੇ ਗਿੱਲੇ ਕੂੜੇ ਦੇ ਸਹੀ ਪ੍ਰਬੰਧਨ ਲਈ ਵਰਕਸ਼ਾਪ ਵੀ ਲਗਾਈ ਗਈ ਅਤੇ ਕੂੜੇ ਦੇ ਸਹੀ ਢੰਗ ਨਾਲ ਨਿਪਟਾਰੇ ਲਈ ਜਾਗਰੂਕ ਕੀਤਾ ਗਿਆ।
ਇਸ ਪ੍ਰੋਜੇਕਟ ਨਾਲ ਪਿੰਡ ਦੀਆਂ ਔਰਤਾਂ ਨੂੰ ਰੁਜ਼ਗਾਰ ਦਿੰਦੇ ਹੋਏ ਬਤੌਰ ਸਫਾਈ ਕਰਮਚਾਰੀ ਨਿਯੁਕਤ ਕੀਤਾ ਗਿਆ।ਪ੍ਰੋਗਰਾਮ ਦੌਰਾਨ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਆਈ.ਈ.ਸੀ, ਬੀ.ਆਰ.ਸੀ. ਵੀਰਪਾਲ ਦਿਕਸ਼ਿਤ, ਪੰਚਾਇਤ ਅਫ਼ਸਰ, ਪੰਚਾਇਤ ਸਕੱਤਰ, ਰਾਊਂਡਗਲਾਸ ਫਾਊਂਡੇਸ਼ਨ ਦੇ ਡਾ. ਅਰਸ਼ਦੀਪ ਸਿੰਘ, ਦੀਪਕ ਵਧਵਾ, ਕੁਲਦੀਪ ਸਿੰਘ, ਭਰਪੂਰ ਸਿੰਘ, ਗੁਰਜੀਤ ਸਿੰਘ ਅਤੇ ਪਿੰਡ ਸਮੂਹ ਵਾਸੀਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।