ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ 900 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਹੁਸ਼ਿਆਰਪੁਰ ਵਿੱਚ ਰੱਖੇ ਸਮਾਗਮ ’ਚ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ। ਪਾਰਟੀ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦਾ ਮੈਡੀਕਲ ਅਤੇ ਸਿਹਤ ਖੇਤਰ ਸੂਬਾ ਸਰਕਾਰ ਲਈ ਸਭ ਤੋਂ ਵੱਡੀ ਤਰਜੀਹ ਹੈ। ਸਿਹਤ ਤੇ ਸਿੱਖਿਆ ਪਾਰਟੀ ਦੇ ਦੋ ਮੁੱਖ ਏਜੰਡੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਦੋਵਾਂ ਸੈਕਟਰਾਂ ’ਚ ਕ੍ਰਾਂਤੀ ਲਿਆਂਦੀ ਅਤੇ ਹੁਣ ਪੰਜਾਬ ਦੀ ਵਾਰੀ ਹੈ। ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਹਸਪਤਾਲ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੋਆਬੇ ਦੇ 10 ਵਿਧਾਨ ਸਭਾ ਹਲਕਿਆਂ ਵਿੱਚ ਕਈ ਨਵੇਂ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ ਅਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਮੁੱਖ ਮੰਤਰੀ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਵੀ ਨੀਂਹ ਪੱਥਰ ਰੱਖਣਗੇ। ਹੁਸ਼ਿਆਰਪੁਰ ਦੇ ਦੋ ਪਿੰਡਾਂ ਵਿੱਚ ਸੀਵਰੇਜ ਅਤੇ ਵਾਟਰ ਸੈਨੀਟੇਸ਼ਨ ਦੇ ਨਵੇਂ ਪ੍ਰੋਜੈਕਟ ਲੱਗਣਗੇ।