ਦਿੱਲੀ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਕਿਹਾ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕੀਤੀ ਗਈ ‘ਜੇਬਕਤਰੇ’ ਵਾਲੀ ਟਿੱਪਣੀ ਸਬੰਧੀ ਕਾਂਗਰਸ ਆਗੁ ਰਾਹੁਲ ਗਾਂਧੀ ਨੂੰ ਭੇਜੇ ਗਏ ਨੋਟਿਸ ਬਾਰੇ ਅੱਠ ਹਫ਼ਤਿਆਂ ਦੇ ਅੰਦਰ ਜਿੰਨੀ ਛੇਤੀ ਹੋ ਸਕੇ ਫ਼ੈਸਲਾ ਲਵੇ। ਹਾਈ ਕੋਰਟ ਵੱਲੋਂ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕੀਤੀ ਜਾ ਰਹੀ ਹੈ ਜਿਸ ’ਚ ਮੰਗ ਕੀਤੀ ਗਈ ਸੀ ਕਿ ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਸਿਆਸੀ ਆਗੂਆਂ ਵੱਲੋਂ ਅਜਿਹੀਆਂ ਇਤਰਾਜ਼ਯੋਗ ਟਿੱਪਣੀਆਂ ਕਰਨ ਦੀ ਮਾੜੀ ਰਵਾਇਤ ਨੂੰ ਰੋਕਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾਣ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਇਹ ਬਿਆਨ ਘਟੀਆ ਕਿਸਮ ਦੇ ਸਨ। ਚੋਣ ਕਮਿਸ਼ਨ ਇਨ੍ਹਾਂ ਦੀ ਪੜਤਾਲ ਕਰ ਰਿਹਾ ਹੈ ਤੇ ਉਸ ਨੇ ਰਾਹੁਲ ਗਾਂਧੀ ਨੂੰ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ। ਬੈਂਚ ਨੇ ਕਿਹਾ ਕਿ ਨੋਟਿਸ ਦਾ ਜਵਾਬ ਦਾਖ਼ਲ ਕਰਨ ਦਾ ਸਮਾਂ ਬੀਤ ਚੁੱਕਾ ਹੈ ਅਤੇ ਕੋਈ ਵੀ ਜਵਾਬ ਨਹੀਂ ਮਿਲਿਆ ਹੈ ਤਾਂ ਅਦਾਲਤ ਚੋਣ ਕਮਿਸ਼ਨ ਨੂੰ ਨਿਰਦੇਸ਼ ਦਿੰਦੀ ਹੈ ਕਿ ਉਹ ਇਸ ਦਾ ਤੇਜ਼ੀ ਨਾਲ ਪਰ ਹੋ ਸਕੇ ਤਾਂ ਅੱਠ ਹਫ਼ਤਿਆਂ ਦੇ ਅੰਦਰ ਨਿਬੇੜਾ ਕਰੇ। ਅਦਾਲਤ ਨੂੰ ਦੱਸਿਆ ਗਿਆ ਕਿ ਨੋਟਿਸ 23 ਨਵੰਬਰ ਨੂੰ ਭੇਜਿਆ ਗਿਆ ਸੀ ਅਤੇ ਚੋਣ ਕਮਿਸ਼ਨ ਨੇ ਖੁਦ ਕਿਹਾ ਹੈ ਕਿ ਉਹ ਇਸ ਮਾਮਲੇ ’ਤੇ ਢੁੱਕਵੀਂ ਕਾਰਵਾਈ ਕਰੇਗਾ। ਪਟੀਸ਼ਨਰ ਭਰਤ ਨਾਗਰ ਨੇ ਹਾਈ ਕੋਰਟ ਨੂੰ ਦੱਸਿਆ ਕਿ ਰਾਹੁਲ ਗਾਂਧੀ ਨੇ 22 ਨਵੰਬਰ ਨੂੰ ਇਕ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਸਮੇਤ ਹੋਰ ਉੱਚੇ ਅਹੁਦਿਆਂ ’ਤੇ ਬੈਠੇ ਲੋਕਾਂ ਖ਼ਿਲਾਫ਼ ਘਿਣਾਉਣੇ ਦੋਸ਼ ਲਾਏ ਸਨ ਅਤੇ ਪ੍ਰਧਾਨ ਮੰਤਰੀ ਨੂੰ ‘ਜੇਬਕਤਰਾ’ ਆਖਿਆ ਸੀ।
