ਕੈਨੇਡਾ,10-06-2023(ਪ੍ਰੈਸ ਕੀ ਤਾਕਤ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ, ਜਾਅਲੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਡਿਪੋਰਟ ਦਾ ਸਾਹਮਣਾ ਕਰ ਰਹੇ 700 ਤੋਂ ਵੱਧ ਭਾਰਤੀ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਰਕਾਰ ਹਰੇਕ ਕੇਸ ਦਾ ਮੁਲਾਂਕਣ ਕਰੇਗੀ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣੀ ਸਥਿਤੀ ਦਾ ਪ੍ਰਦਰਸ਼ਨ ਕਰਨ ਅਤੇ ਆਪਣੇ ਕੇਸ ਦੇ ਸਮਰਥਨ ਲਈ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ।
ਟਰੂਡੋ ਦੀ ਟਿੱਪਣੀ ਇਨ੍ਹਾਂ ਵਿਦਿਆਰਥੀਆਂ ਲਈ ਵੱਡੀ ਰਾਹਤ ਵਜੋਂ ਆਈ ਹੈ ਜੋ ਕੈਨੇਡਾ ਵਿੱਚ ਸੜਕਾਂ ‘ਤੇ ਪ੍ਰਦਰਸ਼ਨ ਕਰਦੇ ਹੋਏ ਇਹ ਦਾਅਵਾ ਕਰ ਰਹੇ ਹਨ ਕਿ ਉਨ੍ਹਾਂ ਨੂੰ ਭਾਰਤ ਵਿੱਚ ਵਿਚਾਲੇ ਟਰੈਵਲ ਏਜੰਟ ਦੁਆਰਾ ਧੋਖਾ ਦਿੱਤਾ ਗਿਆ ਹੈ, ਜਿਸ ਨੇ ਉਨ੍ਹਾਂ ਨੂੰ ਜਾਅਲੀ ਦਸਤਾਵੇਜ਼ ਮੁਹੱਈਆ ਕਰਵਾਏ ਸਨ। ਵਿਦਿਆਰਥੀ ਦਾਅਵਾ ਕਰ ਰਹੇ ਹਨ ਕਿ ਉਹ ਇਸ ਧੋਖਾਧੜੀ ਤੋਂ ਅਣਜਾਣ ਸਨ।
ਪੰਜਾਬ ਦੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਸ਼ੁੱਕਰਵਾਰ ਨੂੰ ਕੈਨੇਡਾ ‘ਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਅਤੇ ਭਾਰਤ ਵਿਚ ਕੈਨੇਡੀਅਨ ਹਾਈ ਕਮਿਸ਼ਨਰ ਕੈਮਰਨ ਮੈਕੇ ਨੂੰ ਪੱਤਰ ਲਿਖ ਕੇ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਵਾਲੇ 700 ਵਿਦਿਆਰਥੀਆਂ ਦੇ ਮੁੱਦੇ ਨੂੰ ਹੱਲ ਕਰਨ ਲਈ ਕਿਹਾ।
ਪੰਜਾਬ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਨੁਸਾਰ ਧਾਲੀਵਾਲ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਕੈਨੇਡੀਅਨ ਕਾਲਜਾਂ ਤੋਂ ਜਾਅਲੀ ਸਵੀਕ੍ਰਿਤੀ ਪੱਤਰਾਂ ਕਾਰਨ ਕੈਨੇਡਾ ਤੋਂ 700 ਤੋਂ ਵਧ ਵਿਦਿਆਰਥੀਆਂ ਦੇ ਦੇਸ਼ ਨਿਕਾਲੇ ਵੱਲ ਤੁਹਾਡਾ ਧਿਆਨ ਖਿੱਚਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਇਹ ਵਿਦਿਆਰਥੀ ਬੇਕਸੂਰ ਹਨ ਤੇ ਇਨ੍ਹਾਂ ਨੂੰ ਧੋਖੇਬਾਜ਼ਾਂ ਦੇ ਇਕ ਗਿਰੋਹ ਵੱਲੋਂ ਠੱਗਿਆ ਗਿਆ ਹੈ, ਜਿਸ ਵਿੱਚ ਟਰੈਵਲ ਏਜੰਟ, ਭਾਰਤ ਵਿਚ ਕੈਨੇਡੀਅਨ ਅੰਬੈਸੀ ਦੇ ਅਧਿਕਾਰੀ ਤੇ ਕੈਨੇਡਾ ਵਿੱਚ ਹੋਰ ਏਜੰਸੀਆਂ ਸ਼ਾਮਲ ਹਨ।
ਧਾਲੀਵਾਲ ਨੇ ਦੱਸਿਆ ਕਿ 15 ਜੁਲਾਈ ਤੋਂ 30 ਅਗਸਤ ਤੱਕ ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੀਆਂ ਐਨ.ਆਰ.ਆਈ ਮਿਲਣੀਆਂ ਲਈ ਪਰਵਾਸੀ ਪੰਜਾਬੀਆਂ ਨੂੰ ਆਪਣੀਆਂ ਸਮੱਸਿਆਂਵਾਂ ਲੈ ਕੇ ਆਉਣ ਲਈ ਖੁੱਲ੍ਹਾ ਸੱਦਾ ਦਿੱਤਾ ਜਾ ਰਿਹਾ ਹੈ ਅਤੇ ਕੋਸ਼ਿਸ਼ ਕੀਤੀ ਜਾਵੇਗੀ ਕਿ ਹਰੇਕ ਪਰਵਾਸੀ ਪੰਜਾਬੀ ਦੀਆਂ ਮੁਸ਼ਕਿਲਾਂ ਦਾ ਮੌਕੇ ੳੇੁੱਤੇ ਹੀ ਹੱਲ ਕੱਢਿਆ ਜਾਵੇ।
ਉਨ੍ਹਾਂ ਪੁਲਿਸ ਅਤੇ ਸਿਵਲ ਅਧਿਕਾਰੀਆਂ ਨੂੰ ਸਖਤ ਸ਼ਬਦਾਂ ਵਿਚ ਕਿਹਾ ਕਿ ਪਰਵਾਸੀ ਪੰਜਾਬੀਆਂ ਦੀਆਂ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਹਾਲੇ ਤੱਕ ਨਹੀਂ ਕੀਤਾ ਗਿਆ ਉਨ੍ਹਾਂ ਦਾ ਨਿਪਟਾਰਾ ਹਰ ਹਾਲਤ ਵਿਚ 30 ਜੂਨ ਤੱਕ ਕਰ ਦਿੱਤਾ ਜਾਵੇ। ਇਸ ਤੋਂ ਪਹਿਲਾਂ ਕਰਵਾਈ ਗਈ ਐਨ.ਆਰ.ਆਈ ਮਿਲਣੀਆਂ ਵਿਚ ਕੁੱਲ 609 ਸ਼ਿਕਾਇਤਾਂ ਆਈਆਂ ਸਨ ਜਿਨ੍ਹਾਂ ਵਿਚੋਂ 522 ਦਾ ਨਿਪਟਾਰਾ ਕੀਤਾ ਜਾ ਚੁੱਕਾ ਜਦਕਿ 87 ਸ਼ਿਕਾਇਤਾਂ ਬਾਕੀ ਹਨ।
ਮੀਟਿੰਗ ਵਿਚ ਐਨ.ਆਰ.ਆਈ. ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਸਕੱਤਰ ਕੰਵਲ ਪ੍ਰੀਤ ਬਰਾੜ, ਜਲੰਧਰ ਡਵੀਜ਼ਨ ਦੇ ਕਮਿਸ਼ਨਰ-ਕਮ-ਚੇਅਰਪਰਸਨ ਐਨ.ਆਰ.ਆਈ ਸਭਾ ਜਲੰਧਰ ਗੁਰਪ੍ਰੀਤ ਕੌਰ ਸਪਰਾ, ਏ.ਡੀ.ਜੀ.ਪੀ. ਐਨ.ਆਰ.ਆਈ ਵਿੰਗ ਪ੍ਰਵੀਨ ਕੇ. ਸਿਨ੍ਹਾ ਅਤੇ ਸਮੂਹ ਜ਼ਿਲ੍ਹਿਆਂ ਦੇ ਨੋਡਲ ਅਧਿਕਾਰੀ ਹਾਜ਼ਰ ਸਨ।

