ਮਹਿਲਾ ਕ੍ਰਿਕਟ ਵਿੱਚ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕਰ ਰਹੀਆਂ ਹਨ ਪੰਜਾਬ ਦੀਆਂ ਖਿਡਾਰਨਾਂ
ਚੰਡੀਗੜ੍ਹ, 18 (ਪ੍ਰੈਸ ਕਿ ਤਾਕਤ ਬਿਊਰੋ)- ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ ਉਤੇ ਮੁਬਾਰਕਬਾਦ ਦਿੰਦਿਆਂ ਉਸ ਨੂੰ ਆਉਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫਤਰ ਵਿਖੇ ਕਨਿਕਾ ਆਹੂਜਾ ਨਾਲ ਮੁਲਾਕਾਤ ਕਰਦਿਆਂ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਪਹਿਲੀ ਵਾਰ ਚੁਣੇ ਜਾਣ ਉਤੇ ਮੁਬਾਰਕਬਾਦ ਦਿੱਤੀ। ਪਟਿਆਲਾ ਦੀ ਰਹਿਣ ਵਾਲੀ 20 ਵਰ੍ਹਿਆਂ ਦੀ ਕਨਿਕਾ ਨੇ ਇਸ ਤੋਂ ਪਹਿਲਾਂ ਭਾਰਤ ਏ, ਘਰੇਲੂ ਕ੍ਰਿਕਟ ਵਿੱਚ ਪੰਜਾਬ ਅਤੇ ਮਹਿਲਾ ਪ੍ਰੀਮੀਅਰ ਲੀਗ ਵਿੱਚ ਬੰਗਲੌਰ ਦੀ ਟੀਮ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।
ਮੀਤ ਹੇਅਰ ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਪੰਜਾਬ ਦੀਆਂ ਖਿਡਾਰਨਾਂ ਕ੍ਰਿਕਟ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ, ਤਾਨੀਆ ਭਾਟੀਆ ਤੋਂ ਬਾਅਦ ਹੁਣ ਕਨਿਕਾ ਨੇ ਭਾਰਤੀ ਟੀਮ ਵਿੱਚ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।