ਸੁਪਰੀਮ ਕੋਰਟ ਨੇ ਗਿਆਨਵਾਪੀ ਕੇਸ ਦੀ ਸੁਣਵਾਈ ਇਕਹਿਰੇ ਜੱਜ ਦੇ ਬੈਂਚ ਕੋਲੋਂ ਵਾਪਸ ਲੈਣ ਦੇ ਅਲਾਹਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਪ੍ਰਸ਼ਾਸਨਿਕ ਫੈਸਲੇ ਨੂੰ ਚੁਣੌਤੀ ਦਿੰਦੀ ਅੰਜੂਮਨ ਇੰਤਜ਼ਾਮੀਆ ਮਸਜਿਦ ਕਮੇਟੀ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਇਕਹਿਰੇ ਜੱਜ ਵਾਲਾ ਬੈਂਚ (2021 ਤੋਂ) ਵਾਰਾਨਸੀ ਵਿੱਚ ਗਿਆਨਵਾਪੀ ਮਸਜਿਦ ਵਾਲੀ ਥਾਂ ਮੰਦਰ ਦੀ ਪੁਨਰ ਸਥਾਪਨਾ ਦੀ ਮੰਗ ਕਰਦੀ ਪਟੀਸ਼ਨ ਦੀ ਪ੍ਰਮਾਣਿਕਤਾ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ
ਸੀ। ਚੀਫ ਜਸਟਿਸ ਡੀ.ਵਾਈ.ਚੰਦਰਚੂੜ ਅਤੇ ਜਸਟਿਸ ਜੇ.ਬੀ.ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਮਸਜਿਦ ਕਮੇਟੀ ਵੱਲੋਂ ਪੇਸ਼ ਸੀਨੀਅਰ ਵਕੀਲ ਹੁਫ਼ੇਜ਼ਾ ਅਹਿਮਦੀ ਦੀਆਂ ਦਲੀਲਾਂ ਸੁਣਨ ਮਗਰੋਂ ਕਿਹਾ ਕਿ ਪਟੀਸ਼ਨ ‘ਖਾਰਜ’ ਕੀਤੀ ਜਾਂਦੀ ਹੈ। ਬੈਂਚ ਨੇ ਕਿਹਾ, ‘‘ਸਾਨੂੰ ਹਾਈ ਕੋਰਟ ਦੇ ਚੀਫ ਜਸਟਿਸ ਦੇ ਹੁਕਮਾਂ ਵਿੱਚ ਦਖਲ ਨਹੀਂ ਦੇਣਾ ਚਾਹੀਦਾ…ਹਾਈ ਕੋਰਟਾਂ ਵਿਚ ਇਹ ਆਮ ਦਸਤੂਰ ਹੈ। ਇਹ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਦਾਇਰੇ ਵਿੱਚ ਹੋਣਾ ਚਾਹੀਦਾ ਹੈ।’