ਜ਼ਿਲ੍ਹੇ ਦੀਆਂ ਮੰਡੀਆਂ ‘ਚ 15 ਹਜ਼ਾਰ 546 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ : ਸਾਕਸ਼ੀ ਸਾਹਨੀ
ਪਟਿਆਲਾ, 3 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ‘ਚ ਚੱਲ ਰਹੀ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼, ਡੀ.ਐਫ.ਐਸ.ਸੀ., ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਹੜ੍ਹਾਂ ਦੀ ਕੁਦਰਤੀ ਮਾਰ ਕਾਰਨ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ ਤੇ ਹੁਣ ਝੋਨੇ ਦੀ ਮੰਡੀਆਂ ‘ਚ ਆਮਦ ਸਮੇਂ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 109 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 33 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ ਤੇ 18 ਖਰੀਦ ਕੇਂਦਰਾਂ ਵਿਖੇ ਖ਼ਰੀਦ ਸ਼ੁਰੂ ਹੋ ਚੁੱਕੀ ਹੈ ਅਤੇ 2 ਅਕਤੂਬਰ ਤੱਕ ਮੰਡੀਆਂ ‘ਚ 15 ਹਜ਼ਾਰ 546 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ ਹੁਣ ਤੱਕ 9 ਹਜ਼ਾਰ 515 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 5524 ਮੀਟਰਿਕ ਟਨ, ਮਾਰਕਫੈਡ ਵੱਲੋਂ 1662 ਮੀਟਰਿਕ ਟਨ, ਪਨਸਪ ਵੱਲੋਂ 1540 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 789 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ।

